
ਕਿਸਾਨ ਆਗੂ ਪੰਧੇਰ ਨੇ ਕਿਹਾ : ਕਿਸਾਨਾਂ ਦੀਆਂ ਜ਼ਮੀਨਾਂ ’ਤੇ ਜਬਰੀ ਕਬਜ਼ੇ ਨਾ ਕੀਤੇ ਜਾਣ
ਅੰਮਿ੍ਰਤਸਰ/ਬਿਊਰੋ ਨਿਊਜ਼
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕਿਸਾਨਾਂ ਦੀਆਂ 12 ਮੰਗਾਂ ਵਾਲਾ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਣ ਦੀ ਮੰਗ ਕੀਤੀ ਹੈ। ਇਸ ਦੌਰਾਨ ਭਲਕੇ 25 ਫਰਵਰੀ ਨੂੰ 101 ਕਿਸਾਨਾਂ ਦੇ ਸ਼ੰਭੂ ਬਾਰਡਰ ਤੋਂ ਦਿੱਲੀ ਜਾਣ ਵਾਲੇ ਜਥੇ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਪੰਧੇਰ ਨੇ ਚੇਤਾਵਨੀ ਦਿੱਤੀ ਕਿ ਭਾਰਤ ਮਾਲਾ ਪ੍ਰਾਜੈਕਟ ਦੇ ਹਵਾਲੇ ਨਾਲ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਜਬਰੀ ਕਬਜ਼ੇ ਨਾ ਕੀਤੇ ਜਾਣ, ਨਹੀਂ ਤਾਂ ਉਹ ਪੰਜਾਬ ਸਰਕਾਰ ਖਿਲਾਫ਼ ਵੀ ਮੋਰਚਾ ਖੋਲ੍ਹਣ ਲਈ ਮਜਬੂਰ ਹੋਣਗੇ। ਪੰਧੇਰ ਨੇ ਅੰਮਿ੍ਰਤਸਰ ’ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨਾਲ ਕਿਸਾਨੀ ਮੁੱਦਿਆਂ ਬਾਰੇ ਗੱਲਬਾਤ ਦੇ ਦੋ ਦੌਰ ਹੋ ਚੁੱਕੇ ਹਨ ਅਤੇ ਤੀਜੇ ਦੌਰ ਦੀ ਮੀਟਿੰਗ 25 ਮਾਰਚ ਨੂੰ ਚੰਡੀਗੜ੍ਹ ਵਿੱਚ ਹੋਵੇਗੀ। ਉਨ੍ਹਾਂ ਭਗਵੰਤ ਮਾਨ ਸਰਕਾਰ ਕੋਲੋਂ ਮੰਗ ਕੀਤੀ ਕਿ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦਾ ਸਮਾਂ ਵਧਾਇਆ ਜਾਵੇ ਅਤੇ ਇਸ ਵਿੱਚ ਲੋਕ ਮੁੱਦੇ ਵਿਚਾਰੇ ਜਾਣ।