
ਅੰਮਿ੍ਰਤਪਾਲ ਸਿੰਘ ਅਸਾਮ ਦੀ ਜੇਲ੍ਹ ਵਿਚ ਹੈ ਨਜ਼ਰਬੰਦ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਸਰਕਾਰ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੀ ਮੈਂਬਰਸ਼ਿਪ ਅਤੇ ਸੈਸ਼ਨ ’ਚੋਂ ਗੈਰਹਾਜ਼ਰੀ ਦੇ ਮੁੱਦੇ ’ਤੇ ਇਕ ਕਮੇਟੀ ਬਣਾਈ ਹੈ। ਲੋਕ ਸਭਾ ਦੇ ਸਪੀਕਰ ਵਲੋਂ ਬਣਾਈ ਗਈ ਇਸ ਕਮੇਟੀ ਨੂੰ ਮਾਮਲੇ ਦੀ ਸਮੀਖਿਆ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਵਲੋਂ ਸਦਨ ਵਿਚ ਸ਼ਾਮਲ ਹੋਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਕੇਂਦਰ ਸਰਕਾਰ ਤੋਂ ਪੁੱਛਿਆ ਸੀ ਕਿ ਕੀ ਸੰਸਦ ਮੈਂਬਰਾਂ ਦੀ ਛੁੱਟੀ ਮਨਜ਼ੂਰ ਕਰਨ ਲਈ ਕੋਈ ਕਮੇਟੀ ਬਣਾਈ ਗਈ ਹੈ ਜਾਂ ਨਹੀਂ। ਇਸ ਸੰਬੰਧੀ ਡਿਵੀਜ਼ਨ ਬੈਂਚ ਨੇ ਐਡੀਸ਼ਨਲ ਸਾਲਿਸਟਰ ਜਨਰਲ ਸੱਤਿਆਪਾਲ ਜੈਨ ਨੂੰ ਹਦਾਇਤਾਂ ਲੈਣ ਅਤੇ 25 ਫਰਵਰੀ ਨੂੰ ਅਦਾਲਤ ਨੂੰ ਸੂਚਿਤ ਕਰਨ ਲਈ ਕਿਹਾ ਗਿਆ ਸੀ। ਜ਼ਿਕਰਯੋਗ ਹੈ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਨੇ ਲੋਕ ਸਭਾ ਦੀ ਕਾਰਵਾਈ ਵਿਚ ਹਿੱਸਾ ਲੈਣ ਦੀ ਇਜਾਜ਼ਤ ਮੰਗਣ ਲਈ ਪਟੀਸ਼ਨ ਦਾਇਰ ਕੀਤੀ ਸੀ। ਅੰਮਿ੍ਰਤਪਾਲ ਸਿੰਘ ਨੇ ਕਿਹਾ ਕਿ ਉਹ 2023 ਤੋਂ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਅਸਾਮ ਵਿਚ ਨਜ਼ਰਬੰਦ ਹੈ। ਇਸ ਤੋਂ ਇਲਾਵਾ, ਅੰਮਿ੍ਰਤਪਾਲ ਸਿੰਘ ਨੇ ਆਪਣੀ ਪਟੀਸ਼ਨ ਵਿਚ ਇਹ ਵੀ ਮੰਗ ਕੀਤੀ ਸੀ ਕਿ ਉਸ ਨੂੰ ਐਮ.ਪੀ. ਲੋਕਲ ਏਰੀਆ ਡਿਵੈਲਪਮੈਂਟ ਸਕੀਮ ਤਹਿਤ ਅਧਿਕਾਰੀਆਂ ਅਤੇ ਮੰਤਰੀਆਂ ਨਾਲ ਮੀਟਿੰਗਾਂ ਵਿਚ ਸ਼ਾਮਿਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ।