
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਦੋ ਦਿਨਾ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਵਿਧਾਨ ਸਭਾ ਵਿਚ ਹੰਗਾਮਾ ਦੇਖਣ ਨੂੰ ਮਿਲਿਆ। ਕਾਂਗਰਸ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਤੋਂ ਭਿ੍ਰਸ਼ਟਾਚਾਰ ਦੇ ਦੋਸ਼ਾਂ ਬਾਰੇ ਜਵਾਬ ਮੰਗਿਆ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੀ.ਐੱਸ.ਈ.ਬੀ. ਇੰਜਨੀਅਰਜ਼ ਐਸੋਸੀਏਸ਼ਨ ਵੱਲੋਂ ਲਗਾਏ ਗਏ ਭਿ੍ਰਸ਼ਟਾਚਾਰ ਦੇ ਦੋਸ਼ਾਂ ਬਾਰੇ ਸਰਕਾਰ ਤੋਂ ਜਵਾਬ ਮੰਗਿਆ। ਉਨ੍ਹਾਂ ਦਾਅਵਾ ਕੀਤਾ ਕਿ ਸੱਤਾਧਾਰੀ ਪਾਰਟੀ ਦੇ ਇੱਕ ਸਿਆਸਤਦਾਨ ਨੇ ਐਸੋਸੀਏਸ਼ਨ ਨੂੰ ਪਾਰਟੀ ਲਈ ਫੰਡ ਇਕੱਠਾ ਕਰਨ ਲਈ ਕਿਹਾ ਸੀ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਾਲਾਂਕਿ ਇਸ ਗੱਲ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਬਾਜਵਾ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਫੰਡ ਕਿਸ ਵੱਲੋਂ ਮੰਗੇ ਗਏ ਸਨ। ਇਸੇ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਹਿਸ ਵਿੱਚ ਸ਼ਾਮਲ ਹੁੰਦਿਆਂ ਕਿਹਾ ਕਿ ਪੀਐੱਸਈਬੀ ਇੰਜਨੀਅਰਜ਼ ਐਸੋਸੀਏਸ਼ਨ ਨੇ ਕਦੇ ਵੀ ਵਿਜੀਲੈਂਸ ਬਿਊਰੋ ਨੂੰ ਆਪਣਾ ਬਿਆਨ ਨਹੀਂ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਜਾਂਚ ਜਾਰੀ ਹੈ। ਇਸੇ ਦੌਰਾਨ ਹਰਪਾਲ ਸਿੰਘ ਚੀਮਾ ਨੇ ਦਿੱਲੀ ਦੇ ਮੁੱਖ ਮੰਤਰੀ ਦਫਤਰ ’ਚੋਂ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਫੋਟੋ ਲਾਹੇ ਜਾਣ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿਚ ਨਿੰਦਾ ਮਤਾ ਲੈ ਕੇ ਆਉਣ ਦੀ ਮੰਗ ਕੀਤੀ, ਜਿਸਦੀ ਪ੍ਰਤਾਪ ਸਿੰਘ ਬਾਜਵਾ ਨੇ ਹਮਾਇਤ ਵੀ ਕੀਤੀ।