
ਭਗਵੰਤ ਮਾਨ ਦਾ ਆਰੋਪ : ਕੇਂਦਰ ਸਰਕਾਰ ਹੇਰ-ਫੇਰ ਕਰਕੇ ਮੁੜ ਲਿਆ ਰਹੀ ਹੈ ਕਾਲੇ ਕਾਨੂੰਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ ਇਜਲਾਸ ਦੇ ਅੱਜ ਮੰਗਲਵਾਰ ਨੂੰ ਦੂਜੇ ਤੇ ਆਖਰੀ ਦਿਨ ਕੇਂਦਰ ਸਰਕਾਰ ਦੀ ਨਵੀਂ ਖੇਤੀਬਾੜੀ ਨੀਤੀ ਦੇ ਖਰੜੇ ਨੂੰ ਰੱਦ ਕਰ ਦਿੱਤਾ ਗਿਆ। ਇਸ ਸਬੰਧੀ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਮਤਾ ਪੇਸ਼ ਕੀਤਾ ਸੀ ਅਤੇ ਜਿਸ ਨੂੰ ਸਰਬਸੰਮਤੀ ਨਾਲ ਪਾਸ ਵੀ ਕਰ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਨਵੀਂ ਖੇਤੀਬਾੜੀ ਨੀਤੀ ਖਿਲਾਫ ਬੋਲਦਿਆਂ ਕਿਹਾ ਕਿ ਅਸੀਂ ਨਵੀਂ ਖੇਤੀਬਾੜੀ ਨੀਤੀ ਦਾ ਪਹਿਲਾਂ ਹੀ ਵਿਰੋਧ ਕਰ ਚੁੱਕੇ ਹਾਂ ਅਤੇ ਅਸੀਂ ਇਸ ਨੂੰ ਰੱਦ ਵੀ ਕਰਦੇ ਹਾਂ। ਸੀਐਮ ਮਾਨ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਕਾਲੇ ਕਾਨੂੰਨਾਂ ਨੂੰ ਹੇਰ-ਫੇਰ ਕਰਕੇ ਮੁੜ ਵਾਪਸ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਪ੍ਰਤੀ ਨਫਰਤ ਦੀ ਭਾਵਨਾ ਰੱਖਦੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬੀਆਂ ਨਾਲ ਖੁੰਦਕ ਕੱਢ ਰਹੇ ਹਨ।
ਅਮਨ ਅਰੋੜਾ ਨੇ ਕਿਸਾਨਾਂ ਨੂੰ ਸ਼ੰਭੂ ਤੇ ਖਨੌਰੀ ਬਾਰਡਰ ਖੋਲ੍ਹਣ ਦੀ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰੀ ਖੇਤੀਬਾੜੀ ਨੀਤੀ ਦੇ ਵਿਰੋਧ ਵਿੱਚ ਬੋਲਦੇ ਹੋਏ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਨਾਲ ਹਾਂ ਅਤੇ ਕੇਂਦਰ ਦੇ ਫੈਸਲਿਆਂ ਦੇ ਖਿਲਾਫ ਹਾਂ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀ ਪਰੇਸ਼ਾਨੀ ਵੀ ਸਮਝਣ ਦੀ ਲੋੜ ਹੈ, ਕਿਉਂਕਿ ਵਪਾਰੀ ਚਾਹੇ ਛੋਟਾ ਹੋਵੇ ਜਾਂ ਵੱਡਾ ਉਹਨਾਂ ਨੂੰ ਵੱਡਾ ਵਿੱਤੀ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸਦੇ ਚੱਲਦਿਆਂ ਅਮਨ ਅਰੋੜਾ ਨੇ ਕਿਸਾਨਾਂ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ਖੋਲ੍ਹਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਅੰਦੋਲਨ ਕਰ ਰਹੇ ਹਨ ਅਤੇ ਇਹ ਦੋਵੇਂ ਬਾਰਡਰ ਬੰਦ ਪਏ ਹਨ। ਅਮਨ ਅਰੋੜਾ ਨੇ ਸਪੀਕਰ ਨੂੰ ਬੇਨਤੀ ਕੀਤੀ ਕਿ ਇੱਕ ਕਮੇਟੀ ਬਣਾਈ ਜਾਵੇ ਜਿਹੜੀ ਕਿਸਾਨਾਂ ਦੇ ਨਾਲ ਤਾਲਮੇਲ ਕਰਕੇ ਉਹਨਾਂ ਨੂੰ ਅਪੀਲ ਕਰੇ ਕਿ ਉਹ ਰਸਤਾ ਖੋਲਣ ਜਿਸ ਨਾਲ ਪੰਜਾਬ ਦੇ ਵਪਾਰੀ ਅਤੇ ਪੰਜਾਬ ਦਾ ਵਿੱਤੀ ਨੁਕਸਾਨ ਨਾ ਹੋਵੇ।