
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ‘ਨਸ਼ਿਆਂ ਉਤੇ ਵਾਰ’ ਤਹਿਤ ਵੱਡਾ ਕਦਮ ਚੁੱਕਿਆ ਗਿਆ ਹੈ। ਸੂਬਾ ਸਰਕਾਰ ਨੇ ਨਸ਼ਿਆਂ ਦੀ ਰੋਕਥਾਮ ਲਈ ਪੰਜ ਮੈਂਬਰੀ ਕੈਬਨਿਟ ਕਮੇਟੀ ਬਣਾਈ ਹੈ। ਕਮੇਟੀ ਦੀ ਮਹੱਤਵਪੂਰਨ ਭੂਮਿਕਾ ਨਸ਼ਿਆਂ ਸੰਬੰਧੀ ਕੀਤੀ ਜਾ ਰਹੀ ਕਾਰਵਾਈ ਦੀ ਨਿਗਰਾਨੀ ਕਰਨਾ ਹੋਵੇਗੀ। ਕਮੇਟੀ ਦੀ ਪ੍ਰਧਾਨਗੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੀਤੀ ਜਾਵੇਗੀ। ਇਸਦੇ ਨਾਲ ਹੀ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਅਤੇ ਤਰਨਪ੍ਰੀਤ ਸਿੰਘ ਸੋਂਧ ਇਸ ਕਮੇਟੀ ਦੇ ਮੈਂਬਰ ਹੋਣਗੇ। ਪੰਜਾਬ ਸਰਕਾਰ ਨੇ ਸੂਬੇ ਵਿਚ ਨਸ਼ਿਆਂ ’ਤੇ ਨਕੇਲ ਕਸਣ ਲਈ ਇਹ ਕਮੇਟੀ ਬਣਾਈ ਹੈ ਅਤੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸਰਕਾਰ ਵਲੋਂ ਸਖਤ ਰਵੱਈਆ ਅਖਤਿਆਰ ਕੀਤਾ ਜਾ ਰਿਹਾ ਹੈ।