
ਚੀਫ ਖਾਲਸਾ ਦੀਵਾਨ ਵੱਲੋਂ ਤਖਤਾਂ ਦੇ ਜਥੇਦਾਰਾਂ ਦੇ ਸੇਵਾ ਨਿਯਮ ਲਾਗੂ ਕਰਨ ’ਤੇ ਜ਼ੋਰ
ਅੰਮਿ੍ਤਸਰ/ਬਿਊਰੋ ਨਿਊਜ਼
ਪੰਥਕ ਸੰਕਟ ’ਤੇ ਚਿੰਤਾ ਪ੍ਰਗਟ ਕਰਦਿਆਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਕਿ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾਮੁਕਤ ਕਰਨ ਦੇ ਫੈਸਲੇ ਨਾਲ ਸਿੱਖ ਜਗਤ ’ਚ ਰੋਸ ਹੈ। ਉਨ੍ਹਾਂ ਕਿਹਾ ਕਿ ਪੰਥ ਦੀ ਮੰਗ ਅਨੁਸਾਰ ਤਖ਼ਤ ਸਾਹਿਬਾਨ ਦਾ ਪ੍ਰਬੰਧ ਅਤੇ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ, ਕਾਰਜ ਖੇਤਰ ਅਤੇ ਅਧਿਕਾਰ ਖੇਤਰ ਦੇ ਨਿਯਮ ਐਸਜੀਪੀਸੀ ਦੇ ਐਕਟ ਤੋਂ ਬਾਹਰ ਖਾਲਸਾ ਪੰਥ ਦੀ ਅਗਵਾਈ ਹੇਠ ਹੀ ਹੋਣੇ ਚਾਹੀਦੇ ਹਨ। ਦੋਵੇਂ ਆਗੂਆਂ ਨੇ ਕਿਹਾ ਕਿ ਇਸ ਸੰਕਟ ਦਾ ਮੁੱਖ ਕਾਰਨ ਇਹ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਗੁਰਦੁਅਰਾ ਐਕਟ ਨੂੰ ਆਧਾਰ ਬਣਾ ਕੇ ਤਖ਼ਤ ਸਾਹਿਬਾਨ ਅਤੇ ਜਥੇਦਾਰਾਂ ਬਾਰੇ ਮਨਮਰਜ਼ੀ ਨਾਲ ਫੈਸਲਾ ਲੈ ਰਹੀ ਹੈ, ਜਿਸ ਕਰਕੇ ਤਖਤਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਵਿਵਾਦ ਪੈਦਾ ਹੋ ਰਿਹਾ ਹੈ। ਦੀਵਾਨ ਦੇ ਆਗੂਆਂ ਨੇ ਇਸ ਸਮੱਸਿਆ ਦੇ ਹੱਲ ਲਈ ਸਮੁੱਚੀ ਕੌਮ ਨੂੰ ਇਕ ਮੰਚ ’ਤੇ ਇੱਕਠੇ ਹੋਣ ਦਾ ਸੱਦਾ ਦਿੱਤਾ ਅਤੇ ਜਥੇਦਾਰਾਂ ਦੇ ਸੇਵਾ ਨਿਯਮਾਂ ਦੇ ਸਬੰਧ ’ਚ ਵਿਧੀ ਵਿਧਾਨ ਲਾਗੂ ਕਰਵਾਉਣ ਲਈ ਇਕਜੁੱਟ ਹੋ ਕੇ ਯਤਨ ਕਰਨ ਦੀ ਅਪੀਲ ਕੀਤੀ।