
ਦੋ ਵਨ ਟਾਈਮ ਸੈਟਲਮੈਂਟ ਸਕੀਮਾਂ ਨੂੰ ਦਿੱਤੀ ਮਨਜ਼ੂਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕੈਬਨਿਟ ਦੀ ਚੰਡੀਗੜ੍ਹ ਵਿਚ ਹੋਈ ਮੀਟਿੰਗ ਦੌਰਾਨ ਸਨਅਤਾਂ ਲਈ ਦੋ ਵਨ ਟਾਈਮ ਸੈਟਲਮੈਂਟ ਯੋਜਨਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਤਹਿਤ ਸਨਅਤੀ ਪਲਾਟਾਂ ’ਚ ਚਾਰ ਹਜ਼ਾਰ ਤੋਂ ਜ਼ਿਆਦਾ ਪਲਾਟ ਧਾਰਕਾਂ ਨੂੰ ਇਸ ਦਾ ਲਾਭ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਸ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਹ ਜਾਣਕਾਰੀ ਮੀਟਿੰਗ ਤੋਂ ਬਾਅਦ ਸੂਬੇ ਦੇ ਉਦਯੋਗ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਰਾਜ ਸਭਾ ਮੈਂਬਰ ਤੇ ਲੁਧਿਆਣਾ ਪੱਛਮੀ ਤੋਂ ‘ਆਪ’ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਦਿੱਤੀ। ਅਰੋੜਾ ਨੇ ਕੈਬਨਿਟ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਕੇ ਇੰਡਸਟਰੀ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ ਸੀ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਜਨਵਰੀ 2020 ਤੋਂ ਪਹਿਲਾਂ ਅਲਾਟ ਕੀਤੇ ਗਏ ਸਨਅਤੀ ਪਲਾਟਾਂ ਦੇ ਬਕਾਏ ਦੀ ਅਦਾਇਗੀ ਲਈ ਯਕਮੁਸ਼ਤ ਨਿਪਟਾਰਾ ਨੀਤੀ ਲਾਗੂ ਕਰਨ ਲਈ ਮੰਨ ਗਈ ਹੈ। ਇਹ ਉਦਯੋਗਪਤੀਆਂ ਲਈ 200 ਕਰੋੜ ਰੁਪਏ ਦਾ ਬੋਨਸ ਹੋਵੇਗਾ, ਜੋ ਜ਼ਮੀਨ ਦੀ ਕੀਮਤ ਵਿੱਚ ਵਾਧੇ ਤੋਂ ਬਾਅਦ ਆਪਣੇ ਬਕਾਏ ਕਲੀਅਰ ਨਹੀਂ ਕਰ ਸਕੇ।