
ਭਾਜਪਾ ਦੇ ਇਸ਼ਾਰੇ ’ਤੇ ਕਿਸਾਨਾਂ ਦੀ ਆਵਾਜ਼ ਦਬਾ ਰਹੀ ਹੈ ‘ਆਪ’ : ਰਾਜਾ ਵੜਿੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਗਿ੍ਰਫਤਾਰ ਕਰਨ ਅਤੇ ਉਨ੍ਹਾਂ ਦੇ ਘਰਾਂ ਵਿੱਚ ਛਾਪੇ ਮਾਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਵੱਲੋਂ ਭਾਜਪਾ ਦੇ ਇਸ਼ਾਰੇ ’ਤੇ ਕਿਸਾਨਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਇਸੇ ਕਰਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਦੀ ਥਾਂ ਉਨ੍ਹਾਂ ਦੇ ਘਰਾਂ ਵਿੱਚ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਹਮੇਸ਼ਾ ਕਿਸਾਨਾਂ ਦੀ ਆਵਾਜ਼ ਨੂੰ ਬੁਲੰਦ ਕਰਦੀ ਰਹੇਗੀ। ਉਧਰ, ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਕਿਸਾਨਾਂ ਦੀ ਗੱਲ ਸੁਣਨ ਦੀ ਥਾਂ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।