ਨਿਤੀਸ਼ ਕੁਮਾਰ ਦਰਬਾਰ ਸਾਹਿਬ ਹੋਏ ਨਤਮਸਤਕ
ਸ਼੍ਰੋਮਣੀ ਕਮੇਟੀ ਨੇ ਬਿਹਾਰ ਦੇ ਮੁੱਖ ਮੰਤਰੀ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਪ੍ਰਕਾਸ਼ ਪੁਰਬ ਬਿਹਾਰ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਮਗਰੋਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਹੋਰਨਾਂ ਅਧਿਕਾਰੀਆਂ ਸਮੇਤ ਸ਼ੁਕਰਾਨੇ ਵਜੋਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਦੀਆਂ ਸੇਵਾਵਾਂ ਬਦਲੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਵਲੋਂ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਨ੍ਹਾਂ ਦਾ ਸਨਮਾਨ ਕੀਤਾ। ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਐਤਵਾਰ ਸ਼ਾਮ ਸ੍ਰੀ ਦਰਬਾਰ ਸਾਹਿਬ ਪੁੱਜੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਖਿਆ ਕਿ ਉਹ ਗੁਰੂ ਘਰ ਵਿਖੇ ਸ਼ੁਕਰਾਨੇ ਵਜੋਂ ਨਤਮਸਤਕ ਹੋਣ ਆਏ ਹਨ ਅਤੇ ਉਨ੍ਹਾਂ ਨੂੰ ਇਥੇ ਆ ਕੇ ਬਹੁਤ ਖੁਸ਼ੀ ਮਿਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿਚ ਵਾਤਾਵਰਣ ਸੰਭਾਲ ਲਈ ਕੀਤੇ ਜਾ ਰਹੇ ਕਾਰਜਾਂ ਦੀ ਜਾਣਕਾਰੀ ਲਈ ਅਤੇ ਇਸੇ ਤਰਜ਼ ‘ਤੇ ਬਿਹਾਰ ਵਿਚ ਵੀ ਵਾਤਾਵਰਣ ਸੰਭਾਲ ਲਈ ਯਤਨ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਤਿਹਾਸਕ ਜਲ੍ਹਿਆਂਵਾਲਾ ਬਾਗ ਵਿਚ ਸ਼ਹੀਦੀ ਸਮਾਰਕ ‘ਤੇ ਵੀ ਫੁਲ ਮਾਲਾ ਭੇਟ ਕਰਨ ਦਾ ਮੌਕਾ ਮਿਲਿਆ ਹੈ। ਉਹ ਪਹਿਲੀ ਵਾਰ ਸ਼ਹੀਦੀ ਸਮਾਰਕ ‘ਤੇ ਆਏ ਹਨ, ਜਦੋਂਕਿ ਵਿਦਿਆਰਥੀ ਸਮੇਂ ਤੋਂ ਲੈ ਕੇ ਉਹ ਇਥੇ ਆਉਣਾ ਚਾਹੁੰਦੇ ਸਨ।
ਇਸ ਤੋਂ ਪਹਿਲਾਂ ਉਨ੍ਹਾਂ ਬੜੀ ਸ਼ਰਧਾ ਨਾਲ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਸੱਚਖੰਡ ઠ ਵਿਖੇ ਮੱਥਾ ਟੇਕਿਆ, ਜਿਥੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ। ઠਘੰਟਾ ਘਰ ਵਾਲੇ ਪਾਸੇ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਦੇ ਸਨਮਾਨ ਵਾਸਤੇ ਵਿਸ਼ੇਸ਼ ਪੰਡਾਲ ઠਬਣਾਇਆ ਗਿਆ ਸੀ, ਜਿਥੇ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਹੋਰਨਾਂ ਮੈਂਬਰਾਂ ਵਲੋਂ ਨਿਤੀਸ਼ ਕੁਮਾਰ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ, ਸ੍ਰੀ ਸਾਹਿਬ, ਸਿਰੋਪਾਓ ਤੇ ਲੋਈ ਆਦਿ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਉਨ੍ਹਾਂ ਨਾਲ ਆਏ ਅਧਿਕਾਰੀਆਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬਿਹਾਰ ਦੇ ਮੁੱਖ ਮੰਤਰੀ ਨੂੰ ਆਖਿਆ ਕਿ ਸਿੱਖ ਜਗਤ ਉਨ੍ਹਾਂ ਨੂੰ ਪਟਨਾ ਸਾਹਿਬ ਵਿਖੇ ਨਿਭਾਈਆਂ ਸੇਵਾਵਾਂ ਬਦਲੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਨਾ ਚਾਹੁੰਦਾ ਹੈ, ਇਸ ਲਈ ਉਹ ਆਪਣੇ ਰੁਝੇਵਿਆਂ ਵਿਚੋਂ ਸਮਾਂ ਦੇਣ।
ਨਿਤੀਸ਼ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਵਾਂ ਰੁਝਾਨ ਆਰੰਭਿਆ : ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਵਲੋਂ ਸਿਰੋਪਾਓ ਦੇ ਨਾਲ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਇਕ ਨਵੇਂ ਰੁਝਾਨ ਦੀ ਨੀਂਹ ਰੱਖੀ ਗਈ। ਮਿਲੇ ਵੇਰਵਿਆਂ ਮੁਤਾਬਕ ਹੁਣ ਤਕ ਸੱਚਖੰਡ ਵਿਖੇ ਮੱਥਾ ਟੇਕਣ ਆਈਆਂ ਵਿਸ਼ੇਸ਼ ਸ਼ਖਸੀਅਤਾਂ ਨੂੰ ਹਰ ਵਾਰ ਸਿਰੋਪਾਓ ਦੇ ਕੇ ਹੀ ਸਨਮਾਨਿਤ ਕੀਤਾ ਗਿਆ ਹੈ ਜਦੋਂਕਿ ਪ੍ਰਸਾਦਿ ਵਜੋਂ ਪਤਾਸੇ ਵੀ ਦਿੱਤੇ ਜਾਂਦੇ ਰਹੇ ਹਨ। ਇਸੇ ਤਰ੍ਹਾਂ ਜਦੋਂ ਫੁੱਲਾਂ ਦੇ ਹਾਰ ਚੜ੍ਹਾਏ ਜਾਂਦੇ ਸਨ ਤਾਂ ਹਾਰ ਚੜ੍ਹਾਉਣ ਵਾਲੇ ਨੂੰ ਪ੍ਰਸਾਦਿ ਵਜੋਂ ਫੁੱਲਾਂ ਦਾ ਹਾਰ ਹੀ ਹੱਥ ਵਿਚ ਸੌਂਪਿਆ ਜਾਂਦਾ ਸੀ। ਪਰ ਹੁਣ ਫੁੱਲਾਂ ਦੇ ਹਾਰ ਚੜ੍ਹਾਉਣ ਦਾ ਰੁਝਾਨ ਖ਼ਤਮ ਹੋ ਚੁੱਕਾ ਹੈ। ਸ਼੍ਰੋਮਣੀ ਕਮੇਟੀ ਵਿਚ ਲੰਮਾ ਸਮਾਂ ਸਕੱਤਰ ਅਤੇ ਮੁੱਖ ਸਕੱਤਰ ਰਹੇ ਮਨਜੀਤ ਸਿੰਘ ਕਲਕੱਤਾ ਨੇ ਆਖਿਆ ਕਿ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਸਿੱਖ ਕੌਮ ਵਲੋਂ ਸਨਮਾਨ ਦੇਣਾ ਬਣਦਾ ਹੈ ਪਰ ਸੱਚਖੰਡ ਵਿਖੇ ਨਵੇਂ ਰੁਝਾਨ ਅਤੇ ਨਵੀਆਂ ਪਿਰਤਾਂ ਤੋਂ ਬਚਣਾ ਚਾਹੀਦਾ ਹੈ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …