Breaking News
Home / ਪੰਜਾਬ / ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ 18 ਤੋਂ ਸ਼ੁਰੂ ਕਰੇਗੀ ਅਕਾਲੀ ਦਲ ਦੀ ਭਰਤੀ ਮੁਹਿੰਮ

ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ 18 ਤੋਂ ਸ਼ੁਰੂ ਕਰੇਗੀ ਅਕਾਲੀ ਦਲ ਦੀ ਭਰਤੀ ਮੁਹਿੰਮ

ਕਮੇਟੀ ਦੇ ਪੰਜ ਮੈਂਬਰਾਂ ਨੇ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਕਰਕੇ ਕੀਤਾ ਭਰਤੀ ਮੁਹਿੰਮ ਆਰੰਭਣ ਦਾ ਐਲਾਨ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਨਿਗਰਾਨ ਕਮੇਟੀ ਵੱਲੋਂ ਪਾਰਟੀ ਦੀ ਭਰਤੀ 18 ਮਾਰਚ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਨਿਗਰਾਨ ਕਮੇਟੀ ਵੱਲੋਂ ਪਾਰਟੀ ਦੀ ਨਵੀਂ ਮੈਂਬਰਸ਼ਿਪ ਦੀ ਭਰਤੀ ਕਰਨ ਸਬੰਧੀ ਕੀਤੇ ਗਏ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਗਈ ਭਰਤੀ ਦੀ ਮਾਨਤਾ ‘ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ।
ਅਕਾਲ ਤਖਤ ਸਾਹਿਬ ਵੱਲੋਂ ਬਣਾਈ ਗਈ ਸੱਤ ਮੈਂਬਰੀ ਨਿਗਰਾਨ ਕਮੇਟੀ ਦੇ ਪੰਜ ਮੈਂਬਰਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਇਸ ਸਬੰਧ ਵਿੱਚ ਅਰਦਾਸ ਕੀਤੀ ਹੈ। ਅਰਦਾਸ ਦੌਰਾਨ ਉਨ੍ਹਾਂ ਨੇ ਭਰਤੀ ਮੁਹਿੰਮ ਦੀ ਸਫਲਤਾ ਵਾਸਤੇ ਗੁਰੂ ਚਰਨਾਂ ਵਿੱਚ ਜੋਦੜੀ ਕੀਤੀ। ਅਰਦਾਸ ਕਰਨ ਵਾਲੇ ਪੰਜ ਮੈਂਬਰਾਂ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਸਤਵੰਤ ਕੌਰ, ਮਨਪ੍ਰੀਤ ਸਿੰਘ ਇਆਲੀ, ਸੰਤਾ ਸਿੰਘ ਉਮੈਦਪੁਰ ਅਤੇ ਇਕਬਾਲ ਸਿੰਘ ਝੂੰਦਾ ਸ਼ਾਮਿਲ ਸਨ।
ਦੱਸਣਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਇਸ ਕਮੇਟੀ ਦੇ ਮੈਂਬਰਾਂ ਵਜੋਂ ਅਸਤੀਫਾ ਦੇ ਚੁੱਕੇ ਹਨ। ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਫ਼ਸੀਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਇਸ ਸੱਤ ਮੈਂਬਰੀ ਨਿਗਰਾਨ ਕਮੇਟੀ ਦਾ ਐਲਾਨ ਕੀਤਾ ਗਿਆ ਸੀ। ਇਸ ਸਬੰਧ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਕਮੇਟੀ ਮੈਂਬਰ ਗੁਰ ਪ੍ਰਤਾਪ ਸਿੰਘ ਵਡਾਲਾ ਨੇ ਆਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਦੇ ਮੈਂਬਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਮੈਂਬਰਸ਼ਿਪ ਕਰਨ ਸਬੰਧੀ ਅਰਦਾਸ ਕੀਤੀ ਗਈ ਹੈ ਅਤੇ 18 ਮਾਰਚ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਇਹ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਨੇ ਸਮੂਹ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ ਤੇ ਸਿੱਖ ਸੰਗਠਨਾਂ ਨੂੰ ਅਪੀਲ ਕੀਤੀ ਹੈ ਕਿ ਉਹ 18 ਮਾਰਚ ਨੂੰ ਸ਼ੁਰੂ ਹੋ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਵਿੱਚ ਸ਼ਾਮਿਲ ਹੋਣ। ਉਨ੍ਹਾਂ ਕਿਹਾ ਕਿ ਇਸ ਭਰਤੀ ਮੁਹਿੰਮ ਦਾ ਮੰਤਵ ਇੱਕ ਮਜ਼ਬੂਤ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਕਰਨਾ ਹੈ।
ਮੌਜੂਦਾ ਸ਼੍ਰੋਮਣੀ ਅਕਾਲੀ ਦਲ ਇਸ ਵੇਲੇ ਕਮਜ਼ੋਰ ਹੋ ਕੇ ਨਿਘਾਰ ਵੱਲ ਜਾ ਚੁੱਕਾ ਹੈ, ਜਿਸ ਕਾਰਨ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਿੱਖਾਂ ਦੀ ਇਸ ਸਿਆਸੀ ਜਮਾਤ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਜਥੇਬੰਦੀ ਵਜੋਂ ਉਭਾਰਨ ਲਈ ਇਸ ਦੀ ਨਵੀਂ ਭਰਤੀ ਰਾਹੀ ਨਵੀਂ ਲੀਡਰਸ਼ਿਪ ਨੂੰ ਅੱਗੇ ਲਿਆਉਣ ਦਾ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਸਿੱਖ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਅੱਗੇ ਆਉਣ ਤਾਂ ਜੋ ਇੱਕ ਨਵੀਂ ਲੀਡਰਸ਼ਿਪ ਨੂੰ ਉਭਾਰਿਆ ਜਾ ਸਕੇ।
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ‘ਤੇ ਲੱਗਾ ਸਵਾਲੀਆ ਨਿਸ਼ਾਨ : ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਚੁੱਕੀ ਭਰਤੀ ਸਬੰਧੀ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਅਕਾਲ ਤਖਤ ਸਾਹਿਬ ਵੱਲੋਂ ਇਸ ਕਮੇਟੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸ਼ੁਰੂ ਕਰਨ ਦਾ ਆਦੇਸ਼ ਦਿੱਤਾ ਗਿਆ ਸੀ ਅਤੇ ਕਮੇਟੀ ਵੱਲੋਂ ਹੁਣ ਤੱਕ ਭਰਤੀ ਨਹੀਂ ਕੀਤੀ ਗਈ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਮੁਤਾਬਿਕ ਇਸ ਕਮੇਟੀ ਵੱਲੋਂ ਨਵੀਂ ਭਰਤੀ 18 ਮਾਰਚ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਵਾਬ ਨਾਲ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਹੋ ਚੁੱਕੀ ਭਰਤੀ ‘ਤੇ ਸਵਾਲੀਆ ਨਿਸ਼ਾਨ ਲਾ ਦਿੱਤਾ ਹੈ।
ਵਡਾਲਾ ਨੇ ਧਾਮੀ ਨੂੰ ਅਸਤੀਫ਼ਾ ਵਾਪਸ ਲੈਣ ਦੀ ਕੀਤੀ ਅਪੀਲ
ਵਡਾਲਾ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਅਸਤੀਫੇ ਸਬੰਧੀ ਫੈਸਲੇ ਨੂੰ ਤਿਆਗ ਕੇ ਅੱਗੇ ਆਉਣ ਅਤੇ ਇਸ ਨਿਗਰਾਨ ਕਮੇਟੀ ਦੀ ਜ਼ਿੰਮੇਵਾਰੀ ਸੰਭਾਲਣ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵੀ ਵਾਪਸ ਲੈਣ।

 

 

Check Also

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ

ਕਿਹਾ : ਸਾਨੂੰ ਸਾਰਿਆਂ ਨੂੰ ਵਾਤਾਵਰਣ ਬਚਾਉਣ ਲਈ ਆਉਣਾ ਚਾਹੀਦੈ ਅੱਗੇ ਅੰਮਿ੍ਰਤਸਰ/ਬਿਊਰੋ ਨਿਊਜ਼ ਰਾਜ ਸਭਾ …