
ਅਮਰੀਕੀ ਸੁਪਰੀਮ ਕੋਰਟ ਨੇ ਤਹੱਵੁਰ ਰਾਣਾ ਦੀ ਅਰਜ਼ੀ ਕੀਤੀ ਰੱਦ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਦੀ ਸੁਪਰੀਮ ਕੋਰਟ ਨੇ 2008 ਵਿਚ ਮੁੰਬਈ ’ਚ ਹੋਏ ਹਮਲਿਆਂ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ’ਤੇ ਰੋਕ ਲਗਾਉਣ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਇਸ ਤਰ੍ਹਾਂ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦਾ ਰਸਤਾ ਵੀ ਸਾਫ ਹੋ ਗਿਆ ਹੈ। ਤਹੱਵੁਰ ਰਾਣਾ ਨੇ ਭਾਰਤ ਹਵਾਲਗੀ ਕੀਤੇ ਜਾਣ ਤੋਂ ਬਚਣ ਲਈ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ। ਰਾਣਾ ਨੇ ਅਮਰੀਕੀ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕਰਕੇ ਕਿਹਾ ਸੀ ਕਿ ਉਸਦੀ ਹਵਾਲਗੀ ’ਤੇ ਐਮਰਜੈਂਸੀ ਸਟੇਅ ਲਗਾਇਆ ਜਾਏ। ਅਰਜ਼ੀ ਵਿਚ ਤਹੱਵੁਰ ਰਾਣਾ ਨੇ ਕਿਹਾ ਸੀ ਕਿ ਪਾਕਿਸਤਾਨੀ ਮੂਲ ਦਾ ਮੁਸਲਿਮ ਹੋਣ ਕਰਕੇ ਉਸ ਨੂੰ ਭਾਰਤ ਵਿਚ ਪ੍ਰੇਸ਼ਾਨ ਕੀਤਾ ਜਾਵੇਗਾ। ਇਸਦੇ ਚੱਲਦਿਆਂ ਅਮਰੀਕੀ ਸੁਪਰੀਮ ਕੋਰਟ ਦੀ ਜੱਜ ਏਲੇਨਾ ਕਗਾਨ ਨੇ ਤਹੱਵੁਰ ਰਾਣਾ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਧਿਆਨ ਰਹੇ ਕਿ ਤਹੱਵੁਰ ਰਾਣਾ ਇਸ ਸਮੇਂ ਅਮਰੀਕਾ ਦੇ ਲਾਸ ਏਂਜਲਸ ਦੇ ਮੈਟਰੋਪੋਲੀਅਨ ਡਿਟੈਨਸ਼ਨ ਸੈਂਟਰ ਵਿਚ ਬੰਦ ਹੈ।