
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ ਹੋ ਗਏ 102 ਦਿਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਹਰਿਆਣਾ ਦੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ 102 ਦਿਨ ਹੋ ਗਏ ਹਨ। ਇਸਦੇ ਚੱਲਦਿਆਂ ਡੱਲੇਵਾਲ ਦੀ ਤਬੀਅਤ ਮੁੜ ਖਰਾਬ ਹੋਣ ਲੱਗ ਪਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਜਗਜੀਤ ਸਿੰਘ ਡੱਲੇਵਾਲ ਦੇ ਪੈਰਾਂ ਨੂੰ ਸੋਜ ਵੀ ਆ ਗਈ ਹੈ ਅਤੇ ਉਨ੍ਹਾਂ ਦੇ ਸਰੀਰ ਵਿਚ ਪਾਣੀ ਦੀ ਕਮੀ ਹੋ ਰਹੀ ਹੈ। ਉਨ੍ਹਾਂ ਨੇ ਡਰਿੱਪ ਲਗਾਉਣਾ ਵੀ ਬੰਦ ਕਰ ਦਿੱਤਾ ਹੈ ਅਤੇ ਡਾਕਟਰਾਂ ਦੀ ਟੀਮ ਡੱਲੇਵਾਲ ਦੀ ਸਿਹਤ ’ਤੇ ਧਿਆਨ ਰੱਖ ਰਹੀ ਹੈ। ਉਧਰ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਭਾਜਪਾ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਸਵਾਲ ਕੀਤਾ ਕਿ ਇਹ ਦੋਵੇਂ ਪਾਰਟੀਆਂ ਇਸ ਮਾਮਲੇ ’ਤੇ ਚੁੱਪ ਕਿਉਂ ਹਨ। ਧਿਆਨ ਰਹੇ ਕਿ ਕਿਸਾਨ ਆਗੂ ਡੱਲੇਵਾਲ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਹੋਏ ਹਨ।