ਕਿਹਾ : ਜਥੇਦਾਰਾਂ ਨੂੰ ਬਦਲੇ ਦੀ ਭਾਵਨਾ ਤਹਿਤ ਹਟਾਇਆ ਗਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੂੰ ਹਟਾਉਣ ਦੀ ਨਿੰਦਾ ਕਰਦਿਆਂ ਇਸ ਨੂੰ ‘ਬਦਲਾਖੋਰੀ’ ਦੀ ਕਾਰਵਾਈ ਦੱਸਿਆ ਹੈ। ਮੁੱਖ ਮੰਤਰੀ ਮਾਨ ਦੀ ਇਹ ਪ੍ਰਤੀਕਿਰਿਆ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖ਼ਤ ਦੇ ਜਥੇਦਾਰ ਦੇ ਅਹੁਦੇ ਤੋਂ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਇੱਕ ਦਿਨ ਬਾਅਦ ਆਈ ਹੈ। ਜ਼ਿਕਰਯੋਗ ਹੈ ਕਿ ਐੱਸਜੀਪੀਸੀ ਨੇ ਸਿੱਖ ਵਿਦਵਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕੀਤਾ ਹੈ। ਜਦੋਂ ਤੱਕ ਕੋਈ ਨਿਯੁਕਤੀ ਨਹੀਂ ਹੋ ਜਾਂਦੀ, ਉਹ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਸੇਵਾ ਨਿਭਾਉਣਗੇ। ਸ਼੍ਰੋਮਣੀ ਕਮੇਟੀ ਦੇ ਇਸ ਕਦਮ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਮਾਨ ਨੇ ਕਿਹਾ, ‘‘ਦੇਖੋ, ਇਹ ਇੱਕ ਧਾਰਮਿਕ ਮਾਮਲਾ ਹੈ। ਜੋ ਹੋਣਾ ਚਾਹੀਦਾ ਸੀ ਉਹ ਇਹ ਸੀ ਕਿ ਰਾਜਨੀਤੀ ਧਰਮ ਤੋਂ ਸਿੱਖੇ। ਪਰ ਹੋ ਰਿਹਾ ਸਭ ਕੁਝ ਉਲਟ ਹੈ। ਉਧਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ੁੱਕਰਵਾਰ ਨੂੰ ਦੋ ਹੋਰ ਜਥੇਦਾਰਾਂ ਨੂੰ ਹਟਾਉਣ ਦੀ ਨਿੰਦਾ ਕਰਦੇ ਹੋਏ ਕਿਹਾ ਸੀ ਕਿ ਇਹ ਪੰਥ ਲਈ ਕਾਲਾ ਦਿਨ ਹੈ। ਕਈ ਰਾਜਨੀਤਿਕ ਆਗੂਆਂ ਨੇ ਵੀ ਇਸ ਕਦਮ ਦੀ ਆਲੋਚਨਾ ਕੀਤੀ ਸੀ।