ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ਼ ਕੀਤੀ ਗਈ ਨਾਅਰੇਬਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਸਮੁੱਚੇ ਪੰਜਾਬ ਅੰਦਰ ਕਿਸਾਨ ਜਥੇਬੰਦੀਆਂ ਵੱਲੋਂ ‘ਆਪ’ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਵੱਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਘਿਰਾਓ ਮੌਕੇ ਕਿਸਾਨਾਂ ਦੇ ਨਾਲ-ਨਾਲ ਔਰਤਾਂ ਵੀ ਵੱਡੀ ਗਿਣਤੀ ਵਿਚ ਮੌਜੂਦ ਰਹੀਆਂ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦੇ ਅੰਨਦਾਤੇ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਕੇਂਦਰ ਸਰਕਾਰ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਦਾਖਲ ਨਹੀਂ ਹੋਣ ਦਿੰਦੀ, ਜਦਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਨੂੰ ਪੰਜਾਬ ਦੀ ਰਾਜਧਾਨੀ ਵਿਚ ਨਹੀਂ ਵੜਨ ਦੇ ਰਹੀ। ਜਿਸਦੇ ਚਲਦਿਆਂ ਅੱਜ ਸਮੁੱਚੇ ਪੰਜਾਬ ਅੰਦਰ ‘ਆਪ’ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਮੂਹਰੇ ਕਿਸਾਨ ਜਥੇਬੰਦੀਆਂ ਵਲੋਂ ਧਰਨੇ ਲਗਾਏ ਗਏ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਪੰਜਾਬ ਦੇ ਕਿਸਾਨ ਵੱਡਾ ਸੰਘਰਸ਼ ਉਲੀਕਣ ਲਈ ਮਜਬੂਰ ਹੋਣਗੇ। ਧਿਆਨ ਰਹੇ ਕਿ ਲੰਘੀ 5 ਮਾਰਚ ਨੂੰ ਕਿਸਾਨ ਜਥੇਬੰਦੀਆਂ ਨੂੰ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਚ ਦਾਖਲ ਹੋਣ ਤੋਂ ਰੋਕ ਦਿੱਤਾ ਸੀ, ਜਿਸ ਦੇ ਚਲਦਿਆਂ ਕਿਸਾਨ ਜਥੇਬੰਦੀਆਂ ਵੱਲੋਂ ‘ਆਪ’ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ ਸੀ।
Check Also
ਪੰਜਾਬ ਬੋਰਡ ਦੇ 12ਵੀਂ ਕਲਾਸ ਦੇ ਇਮਤਿਹਾਨ ’ਚ ਆਮ ਆਦਮੀ ਪਾਰਟੀ ਸਬੰਧੀ ਪੁੱਛਿਆ ਗਿਆ ਸਵਾਲ
ਪੰਜਾਬ ਭਾਜਪਾ ਵੱਲੋਂ ਕੀਤਾ ਗਿਆ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ …