
ਬਘੇਲ ਨੇ ਸੂਬੇ ਦੇ ਭਖਦੇ ਮੁੱਦਿਆਂ ’ਤੇ ਸੀਨੀਅਰ ਆਗੂਆਂ ਦੇ ਲਏ ਵਿਚਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਅੱਜ ਦਿੱਲੀ ਵਿੱਚ ਪੰਜਾਬ ਕਾਂਗਰਸ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਨਾਲ ਮੀਟਿੰਗ ਕੀਤੀ ਹੈ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨੇ ਦੱਸਿਆ ਕਿ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਵੱਖ-ਵੱਖ ਰਾਜਾਂ ਦੀਆਂ ਮੀਟਿੰਗਾਂ ਬੁਲਾ ਕੇ ਸੂਬੇ ਦੇ ਭਖਦੇ ਮੁੱਦਿਆਂ ’ਤੇ ਆਗੂਆਂ ਦੇ ਵਿਚਾਰ ਲਏ ਗਏ। ਸਿਆਸੀ ਮਾਮਲਿਆਂ ਬਾਰੇ ਕਮੇਟੀ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਅੰਬਿਕਾ ਸੋਨੀ, ਸੁਖਜਿੰਦਰ ਸਿੰਘ ਰੰਧਾਵਾ, ਵਿਜੈ ਇੰਦਰ ਸਿੰਗਲਾ, ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ, ਪਰਗਟ ਸਿੰਘ ਅਤੇ ਗੁਰਜੀਤ ਸਿੰਘ ਔਜਲਾ ਸਣੇ ਕਈ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ।