
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼
ਪੰਜਾਬ ਸਣੇ ਦੇਸ਼ ਭਰ ਵਿਚ ਅੱਜ ਹੋਲੀ ਦਾ ਤਿਉਹਾਰ ਮਨਾਇਆ ਗਿਆ। ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਹੋਲੇ ਮਹੱਲੇ ਦੇ ਦੂਜੇ ਦਿਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਮੁੰਡੀਆਂ ਵੀ ਮੌਜੂਦ ਰਹੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਾਲਸੇ ਦੇ ਕੌਮੀ ਤਿਉਹਾਰ ਹੋਲੇ ਮਹੱਲੇ ਦੀਆਂ ਸਮੂਹ ਸਾਧ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਇੱਕ ਧਰਮ ਜਾਂ ਇੱਕ ਬਿਰਾਦਰੀ ਦੇ ਲੋਕਾਂ ਦਾ ਤਿਉਹਾਰ ਨਹੀਂ, ਸਗੋਂ ਸਮੁੱਚੀ ਮਾਨਵਤਾ ਦਾ ਤਿਉਹਾਰ ਹੈ ਅਤੇ ਅੱਜ ਦੇਸ਼ ਤੇ ਦੁਨੀਆਂ ਤੋਂ ਲੱਖਾਂ ਦੀ ਤਾਦਾਦ ਵਿੱਚ ਸੰਗਤ ਗੁਰੂ ਚਰਨਾਂ ਵਿੱਚ ਮੱਥਾ ਟੇਕ ਰਹੀ ਹੈ।