
ਸਿੱਖ ਯੋਧਿਆਂ ਦੀਆਂ ਸ਼ਹਾਦਤਾਂ ਨੂੰ ਯਾਦ ਰੱਖਣ ਦਾ ਦਿੱਤਾ ਸੁਨੇਹਾ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹੋਲਾ ਮਹੱਲਾ ਅਤੇ ਸਿੱਖ ਨਵੇਂ ਸਾਲ ਸੰਮਤ ਨਾਨਕਸ਼ਾਹੀ 557 ਦੀ ਆਮਦ ’ਤੇ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਇੱਕ ਵਿਸ਼ੇਸ਼ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਕ ਚੇਤ ਤੋਂ ਸੰਮਤ 557 ਨਾਨਕਸ਼ਾਹੀ ਨਵੇਂ ਸਾਲ ਦਾ ਆਰੰਭ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਮੁਤਾਬਕ ਚੇਤ ਦੇ ਮਹੀਨੇ ਤੋਂ ਸਿੱਖਾਂ ਦਾ ਨਵਾਂ ਸਾਲ ਆਰੰਭ ਹੁੰਦਾ ਹੈ। ਜਥੇਦਾਰ ਹੋਰਾਂ ਦੱਸਿਆ ਕਿ ਨਵਾਂ ਸਾਲ ਆਉਣ ਵਾਲੇ ਦਿਨਾਂ ਵਿੱਚ ਫਸਲਾਂ ਦੇ ਪੱਕਣ, ਰਿਜ਼ਕ ਘਰੇ ਆਉਣ ਅਤੇ ਖੁਸ਼ਹਾਲੀ ਦੇ ਸੰਕੇਤ ਦਿੰਦਾ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਨੌਜਵਾਨਾਂ ਨੂੰ ਜਥੇਦਾਰ ਅਕਾਲੀ ਫੂਲਾ ਸਿੰਘ ਵਰਗੇ ਯੋਧਿਆਂ ਦੀਆਂ ਸ਼ਹਾਦਤਾਂ ਨੂੰ ਯਾਦ ਰੱਖਦਿਆਂ ਉਨ੍ਹਾਂ ਵਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।