
ਧਾਮੀ ਨੂੰ ਮਨਾਉਣ ਲਈ ਕੋਸ਼ਿਸ਼ਾਂ ਜਾਰੀ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੰਡੀਗੜ੍ਹ ਵਿੱਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਪ੍ਰਧਾਨਗੀ ਵਿੱਚ ਅੰਤਰਿੰਗ ਕਮੇਟੀ ਦੀ ਮੀਟਿੰਗ ਹੋਈ ਹੈ। ਮੀਟਿੰਗ ਵਿੱਚ ਮੈਂਬਰਾਂ ਨੇ ਸਰਬਸੰਮਤੀ ਨਾਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਸਿੱਖ ਸੰਸਥਾ ਦੇ ਮੁੱਖ ਸੇਵਾਦਾਰ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਦੀ ਅਪੀਲ ਕੀਤੀ ਹੈ। ਐਡਵੋਕੇਟ ਧਾਮੀ ਨੇ ਕੁਝ ਸਮਾਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਭਰਤੀ ਸਬੰਧੀ ਸੱਤ ਮੈਂਬਰੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਨੂੰ ਆਪਣਾ ਫੈਸਲਾ ਬਦਲਣ ਲਈ ਕਿਹਾ ਗਿਆ ਹੈ।