
ਪੰਜਾਬ ਸਰਕਾਰ ਗਿ੍ਰਫਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਕਰੇ ਰਿਹਾਅ : ਸੁਖਬੀਰ ਬਾਦਲ
ਚੰਡੀਗੜ੍ਹ/ਬਿਊੁਰੋ ਨਿਊਜ਼
ਪੰਜਾਬ ਪੁਲਿਸ ਵੱਲੋਂ ਖਨੌਰੀ ਬਾਰਡਰ ਅਤੇ ਸ਼ੰਭੂ ਬਾਰਡਰ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਕਿਸਾਨਾਂ ਨੂੰ ਦੋਵਾਂ ਮੋਰਚਿਆਂ ਤੋਂ ਹਟਾ ਦਿੱਤਾ ਗਿਆ ਹੈ। ਪੁਲਿਸ ਵੱਲੋਂ ਕਾਰਵਾਈ ਕਰਨ ਤੋਂ ਪਹਿਲਾਂ ਸ਼ੰਭੂ ਅਤੇ ਖਨੌਰੀ ਸਰਹੱਦ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਸੀ। ਪੁਲਿਸ ਨੇ ਕਿਸਾਨਾਂ ਵੱਲੋਂ ਬਾਰਡਰ ਉਤੇ ਲਗਾਏ ਹੋਰਡਿੰਗ ਉਤਾਰ ਦਿੱਤੇ ਹਨ ਅਤੇ ਮੋਰਚਿਆਂ ’ਤੇ ਲੱਗੀਆਂ ਸਟੇਜਾਂ ਨੂੰ ਵੀ ਹਟਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਕਾਰ ਲੰਘੇ ਕੱਲ੍ਹ ਬੁੱਧਵਾਰ ਨੂੰ ਚੰਡੀਗੜ੍ਹ ਵਿਚ 7ਵੇਂ ਦੌਰ ਦੀ ਗੱਲਬਾਤ ਹੋਈ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਅਭਿਮਨਿਊ ਕੋਹਾੜ, ਜਗਜੀਤ ਸਿੰਘ ਡੱਲੇਵਾਲ, ਕਾਕਾ ਸਿੰਘ ਕੋਟੜਾ ਅਤੇ ਮਨਜੀਤ ਰਾਏ ਸਣੇ ਕਈ ਹੋਰ ਕਿਸਾਨਾਂ ਨੂੰ ਗਿ੍ਰਫਤਾਰ ਕਰ ਲਿਆ ਸੀ। ਪੰਜਾਬ ਸਰਕਾਰ ਅਤੇ ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਭਗਵੰਤ ਮਾਨ ਦੀ ਸਰਕਾਰ ’ਤੇ ਸਵਾਲ ਚੁੱਕੇ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਪੰਜ ਮਿੰਟ ਵਿਚ ਐਮ.ਐਸ.ਪੀ. ਦੇਣ ਦਾ ਵਾਅਦਾ ਕਰਨ ਵਾਲੀ ਭਗਵੰਤ ਮਾਨ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਸੁਣਨ ਲਈ ਵੀ ਤਿਆਰ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗਿ੍ਰਫਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕਰੇ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰੇ।