
22 ਮਾਰਚ ਨੂੰ ਪਟਿਆਲਾ ’ਚ ਵਿਰੋਧ ਪ੍ਰਦਰਸ਼ਨ ਵੀ ਕਰਨਗੇ ਸਾਬਕਾ ਫੌਜੀ
ਪਟਿਆਲਾ/ਬਿਊਰੋ ਨਿਊਜ਼
ਪਟਿਆਲਾ ’ਚ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਸ ਦੇ ਪੁੱਤਰ ਨਾਲ ਕਥਿਤ ਪੁਲਿਸ ਅਧਿਕਾਰੀਆਂ ਵੱਲੋਂ ਕੀਤੀ ਗਈ ਕੁੱਟਮਾਰ ਸਬੰਧੀ ਪਰਿਵਾਰਕ ਮੈਂਬਰਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਉਸ ਅਧਿਕਾਰੀ ਬਾਰੇ ਨਹੀਂ ਪਤਾ ਜੋ ਮਾਮਲੇ ਦੀ ਜਾਂਚ ਕਰੇਗਾ। ਫੌਜੀ ਅਧਿਕਾਰੀ ’ਤੇ ਹਮਲੇ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਵੱਡੀ ਗਿਣਤੀ ’ਚ ਲੋਕ ਪ੍ਰਤੀਕਿਰਿਆ ਦੇ ਰਹੇ ਹਨ। ਜਾਣਕਾਰੀ ਅਨੁਸਾਰ ਇਨਸਾਫ ਨਾ ਮਿਲਣ ’ਤੇ ਕਰਨਲ ਅਤੇ ਸਾਬਕਾ ਸੈਨਿਕ ਅਧਿਕਾਰੀਆਂ ਨੇ 22 ਮਾਰਚ ਨੂੰ ਪਟਿਆਲਾ ਵਿੱਚ ਧਰਨਾ ਦੇਣ ਅਤੇ ਵਿਰੋਧ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਕਰਨਲ ਦੀ ਪਤਨੀ ਜਸਵਿੰਦਰ ਬਾਠ ਨੇ ਕਿਹਾ ਕਿ ਪਟਿਆਲਾ ਪੁਲਿਸ ਨੇ ਪੱਖਪਾਤੀ ਭੂਮਿਕਾ ਨਿਭਾਈ ਹੈ ਕਿਉਂਕਿ 12 ਮੁਅੱਤਲ ਕੀਤੇ ਗਏ ਅਧਿਕਾਰੀਆਂ ਦੇ ਨਾਮ ਹੁਣ ਤੱਕ ਜਨਤਕ ਨਹੀਂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ ਅਜੇ ਵੀ ਹਨੇਰੇ ਵਿੱਚ ਹਾਂ ਕਿ ਜਾਂਚ ਕੌਣ ਕਰ ਰਿਹਾ ਹੈ, ਕਿਉਂਕਿ ਜ਼ਿਲ੍ਹਾ ਪੁਲਿਸ ਵਿੱਚੋਂ ਕਿਸੇ ਨੇ ਵੀ ਸਾਨੂੰ ਜਾਣਕਾਰੀ ਨਹੀਂ ਦਿੱਤੀ ਹੈ।