ਕਾਂਗਰਸੀ ਵਿਧਾਇਕ ਨੇ ਸੂਬਾ ਸਰਕਾਰ ਦੀ ਤਿੰਨ ਸਾਲ ਦੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ
ਭੁਲੱਥ/ਬਿਊਰੋ ਨਿਊਜ਼ : ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਿੰਨ ਸਾਲ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਹੀਂ ਚਲਾਈ ਜਾ ਰਹੀ, ਸਗੋਂ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਚਲਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੀ ਥਾਂ ਕੇਜਰੀਵਾਲ ਦੀਆਂ ਰਾਜਸੀ ਇੱਛਾਵਾਂ ਪੂਰੀਆਂ ਕਰ ਰਹੀ ਹੈ। ਸੂਬੇ ਦੀਆਂ ਮੁੱਖ ਨੀਤੀਆਂ, ਪ੍ਰਸ਼ਾਸਨਿਕ ਫੈਸਲੇ ਅਤੇ ਮੰਤਰੀਆਂ ਦੀ ਨਿਯੁਕਤੀ ਵੀ ਦਿੱਲੀ ਦੀ ਮਨਜ਼ੂਰੀ ‘ਤੇ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਵਿੱਚ ਨਵੀਆਂ ਉਚਾਈਆਂ ਛੂਹ ਲਈਆਂ ਹਨ। ਉਨ੍ਹਾਂ ਕਿਹਾ ਕਿ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਪੰਜਾਬ ਵਿੱਚ ਨਸ਼ਾ ਦਿਨੋਂ ਦਿਨ ਵਧ ਰਿਹਾ ਹੈ। ਸਿਹਤ ਤੇ ਸਿੱਖਿਆ ਦੇ ਵਿਕਾਸ ਦੀ ਥਾਂ, ਸਰਕਾਰ ਆਪਣੇ ਇਸ਼ਤਿਹਾਰਾਂ ‘ਤੇ ਫਜ਼ੂਲ ਖਰਚ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਦੇ ਤਿੰਨ ਸਾਲਾਂ ਵਿੱਚ ਗੈਰਕਾਨੂੰਨੀ ਮਾਈਨਿੰਗ ਨੇ ਨਵਾਂ ਰੂਪ ਧਾਰ ਲਿਆ ਹੈ। ਅੱਜ ਸੂਬੇ ਵਿੱਚ ਅਪਰਾਧ ਅਤੇ ਰਾਜਸੀ ਵੈਰਵਿਰੋਧ ਨਵੀਆਂ ਸਿਖਰਾਂ ‘ਤੇ ਹਨ। ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ਵਿੱਚ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਖਹਿਰਾ ਨੇ ਕਿਹਾ ਕਿ ਚੋਣਾਂ ਵੇਲੇ ‘ਆਪ’ ਨੇ ਹਰ ਔਰਤ ਨੂੰ ਪ੍ਰਤੀ ਮਹੀਨਾ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਜੋ ਅਜੇ ਤੱਕ ਵਫ਼ਾ ਨਹੀਂ ਹੋਇਆ।
ਉਨ੍ਹਾਂ ਬੇਰੁਜ਼ਗਾਰੀ ਦੇ ਮੁੱਦੇ ‘ਤੇ ਵੀ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਭਵਿੱਖ ਲਈ ਲੋਕਾਂ ਦੇ ਜਾਗਣ ਦਾ ਵੇਲਾ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਬੰਬ ਵਾਲੇ ਬਿਆਨ ’ਤੇ ਘੇਰਿਆ
ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …