ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਣੇ ਪਹਿਲੇ ਮੈਂਬਰ
ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਭਰਤੀ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ; ਪੰਥ ਨੂੰ ਇਕਜੁੱਟ ਹੋਣ ਦਾ ਦਿੱਤਾ ਸੱਦਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਭਰਤੀ ਕਮੇਟੀ ਦੇ ਪੰਜ ਮੈਂਬਰਾਂ ਨੇ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਮਗਰੋਂ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਤਹਿਤ ਇਸ ਦੇ ਪਹਿਲੇ ਮੈਂਬਰ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਣੇ। ਬਾਅਦ ਵਿੱਚ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਰਤੀ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਜਥੇਦਾਰ ਗੜਗੱਜ ਨੇ ਕਿਹਾ ਕਿ ਮੁਲਾਕਾਤ ਦੌਰਾਨ ਦੋ ਦਸੰਬਰ ਨੂੰ ਹੋਏ ਫ਼ੈਸਲਿਆਂ ਦੀ ਰੌਸ਼ਨੀ ਵਿੱਚ ਪੰਥਕ ਏਕਤਾ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਇਸ ਵੇਲੇ ਪੰਥ ਨੂੰ ਆਪਣੀਆਂ ਸੰਸਥਾਵਾਂ ਦੀ ਰਾਖੀ ਅਤੇ ਚੁਣੌਤੀਆਂ ਦੇ ਟਾਕਰੇ ਲਈ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪੰਥਕ ਏਕਤਾ ਸਬੰਧੀ ਹਾਂ-ਪੱਖੀ ਹੁੰਗਾਰਾ ਭਰਿਆ ਸੀ।
ਇਸ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ। ਭਰਤੀ ਮੁਹਿੰਮ ਦੀ ਸੰਕੇਤਕ ਸ਼ੁਰੂਆਤ ਹਰਿਮੰਦਰ ਸਾਹਿਬ ਸਮੂਹ ਤੋਂ, ਜਦਕਿ ਰਸਮੀ ਸ਼ੁਰੂਆਤ ਹੈਰੀਟੇਜ ਸਟਰੀਟ ‘ਚ ਲੱਗੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਕੋਲੋਂ ਕੀਤੀ ਗਈ। ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਸੰਤ ਬਾਬਾ ਸੇਵਾ ਸਿੰਘ, ਬਾਬਾ ਸਰਬਜੋਤ ਸਿੰਘ ਬੇਦੀ ਅਤੇ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਇਆਲੀ, ਇਕਬਾਲ ਸਿੰਘ ਝੂੰਦਾ, ਸੰਤਾ ਸਿੰਘ ਉਮੈਦਪੁਰੀ, ਬੀਬੀ ਸਤਵੰਤ ਕੌਰ, ਗੁਰਪ੍ਰਤਾਪ ਸਿੰਘ ਵਡਾਲਾ, ਭਾਈ ਮਨਜੀਤ ਸਿੰਘ ਤੇ ਹੋਰ ਇਸ ਦੇ ਮੁਢਲੇ ਮੈਂਬਰ ਬਣੇ।
ਭਰਤੀ ਮੁਹਿੰਮ ਦੀ ਆਰੰਭਤਾ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵਡਾਲਾ ਨੇ ਦੱਸਿਆ ਕਿ ਇਹ ਭਰਤੀ ਸ਼੍ਰੋਮਣੀ ਅਕਾਲੀ ਦਲ ਦੇ ਨਾਂ ਹੇਠ ਹੋਵੇਗੀ। ਮੈਂਬਰ ਬਣਨ ਵਾਲੇ ਕਿਸੇ ਵੀ ਵਿਅਕਤੀ ਕੋਲੋਂ ਫੀਸ ਨਹੀਂ ਲਈ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਦਫ਼ਤਰ ਪੁਰਾਤਨ ਸਮੇਂ ਵਾਂਗ ਅੰਮ੍ਰਿਤਸਰ ਵਿੱਚ ਹੋਵੇਗਾ। ਭਰਤੀ ਮੁਹਿੰਮ ਦੀ ਸ਼ੁਰੂਆਤ ਨਾਲ ਦੋ ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਾਰੀ ਕੀਤਾ ਗਿਆ ਹੁਕਮਨਾਮਾ ਵੀ ਪੂਰਾ ਹੋ ਗਿਆ ਹੈ। ਉਨ੍ਹਾਂ ਅੰਤ੍ਰਿਗ ਕਮੇਟੀ ਵੱਲੋਂ ਬਰਖਾਸਤ ਕੀਤੇ ਗਏ ਤਖ਼ਤਾਂ ਦੇ ਜਥੇਦਾਰ ਬਹਾਲ ਕਰਨ ਦੀ ਮੰਗ ਵੀ ਦੁਹਰਾਈ। ਕਮੇਟੀ ਮੈਂਬਰ ਇਕਬਾਲ ਸਿੰਘ ਝੂੰਦਾ ਨੇ ਵੀ ਸਮੂਹ ਸਿੱਖ ਸੰਸਥਾਵਾਂ ਨੂੰ ਇਸ ਭਰਤੀ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸਮੇਤ ਹੋਰ ਅਕਾਲੀ ਆਗੂ ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਕੁੱਝ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਭਰਤੀ ਮੁਹਿੰਮ ਦਾ ਵਿਰੋਧ ਕੀਤਾ ਜਾ ਰਿਹਾ ਅਤੇ ਇਸ ਨੂੰ ਗੈਰ-ਕਾਨੂੰਨੀ ਆਖਿਆ ਜਾ ਰਿਹਾ ਹੈ।
ਭੂੰਦੜ ਵੱਲੋਂ ਰੁੱਸੇ ਅਕਾਲੀ ਆਗੂਆਂ ਨੂੰ ਅਪੀਲ
ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅਕਾਲੀ ਦਲ ਤੋਂ ਰੁੱਸੇ ਸਾਰੇ ਅਕਾਲੀ ਆਗੂਆਂ ਨੂੰ ਮੁੜ ਪਾਰਟੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਥਕ ਏਕੇ ਦੀ ਕੀਤੀ ਗਈ ਅਪੀਲ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਾ ਸਾਰਿਆਂ ਦਾ ਫਰਜ਼ ਬਣਦਾ ਹੈ।
Check Also
ਭਾਖੜਾ ਡੈਮ ’ਚ ਪਾਣੀ ਦਾ ਪੱਧਰ ਵਧਿਆ
ਡਿਪਟੀ ਕਮਿਸ਼ਨਰ ਨੇ ਲਗਾਈਆਂ ਸਖਤ ਪਾਬੰਦੀਆਂ ਰੂਪਨਗਰ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ’ਚ ਜ਼ਿਆਦਾ ਮੀਂਹ ਪੈਣ ਕਾਰਨ …