-8.9 C
Toronto
Monday, February 2, 2026
spot_img
Homeਪੰਜਾਬਧਾਮੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਮੁੜ ਸੰਭਾਲਣ ਲਈ ਰਾਜ਼ੀ

ਧਾਮੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਮੁੜ ਸੰਭਾਲਣ ਲਈ ਰਾਜ਼ੀ

ਸੁਖਬੀਰ ਬਾਦਲ ਨਾਲ ਬੰਦ ਕਮਰਾ ਮੀਟਿੰਗ ਮਗਰੋਂ ਜਲਦੀ ਸੇਵਾ ਸੰਭਾਲਣ ਦਾ ਕੀਤਾ ਐਲਾਨ
ਹੁਸ਼ਿਆਰਪੁਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਚੁੱਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋ-ਚਾਰ ਦਿਨਾਂ ਤੱਕ ਜ਼ਿੰਮੇਵਾਰੀ ਸੰਭਾਲ ਲੈਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਜਨਮੇਜਾ ਸਿੰਘ ਸੇਖੋਂ ਨਾਲ ਕੀਤੀ ਮੀਟਿੰਗ ਮਗਰੋਂ ਲਿਆ ਹੈ। ਇਸ ਤੋਂ ਪਹਿਲਾਂ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਵੱਲੋਂ ਧਾਮੀ ਨੂੰ ਅਸਤੀਫਾ ਵਾਪਸ ਲੈਣ ਦੀ ਕੀਤੀ ਅਪੀਲ ਮਗਰੋਂ ਉਨ੍ਹਾਂ ਇਸ ‘ਤੇ ਵਿਚਾਰ ਕਰਨ ਲਈ ਇੱਕ ਦਿਨ ਦਾ ਸਮਾਂ ਮੰਗਿਆ ਸੀ।
ਧਾਮੀ ਨੇ 6 ਮਾਰਚ ਨੂੰ ਗਿਆਨੀ ਰਘੁਵੀਰ ਸਿੰਘ ਨਾਲ ਮੀਟਿੰਗ ਮਗਰੋਂ ਦਾਅਵਾ ਕੀਤਾ ਸੀ ਕਿ ਉਹ ਅਸਤੀਫਾ ਵਾਪਸ ਨਹੀਂ ਲੈਣਗੇ। ਇਸ ਮਗਰੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਵੀਰ ਸਿੰਘ ਦੀਆਂ ਸੇਵਾਵਾਂ ਬਤੌਰ ਜਥੇਦਾਰ ਖ਼ਤਮ ਕਰ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਵੱਲੋਂ ਧਾਮੀ ਨੂੰ ਲਗਾਤਾਰ ਆਪਣਾ ਅਸਤੀਫਾ ਵਾਪਸ ਲੈਣ ਲਈ ਕਿਹਾ ਜਾ ਰਿਹਾ ਸੀ। ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ, ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਅਸਤੀਫਾ ਵਾਪਸ ਲੈਣ ਲਈ ਆਖਿਆ ਜਾ ਰਿਹਾ ਹੈ। ਇਸ ਬਾਰੇ ਉਹ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਸਨ ਪਰ ਅੰਤ੍ਰਿੰਗ ਕਮੇਟੀ ਵੱਲੋਂ ਮਤਾ ਪਾਸ ਕਰਕੇ ਉਨ੍ਹਾਂ ਦਾ ਅਸਤੀਫਾ ਨਾਮਨਜ਼ੂਰ ਕਰ ਦਿੱਤਾ ਗਿਆ। ਇਸ ਮਗਰੋਂ ਸੁਖਬੀਰ ਸਿੰਘ ਬਾਦਲ, ਬਲਵਿੰਦਰ ਸਿੰਘ ਭੂੰਦੜ, ਜਨਮੇਜਾ ਸਿੰਘ ਸੇਖੋਂ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਉਨ੍ਹਾਂ ਨੂੰ ਆਪਣਾ ਅਸਤੀਫਾ ਵਾਪਸ ਲੈਣ ਲਈ ਆਖਿਆ ਹੈ। ਉਹ ਇੱਕ-ਦੋ ਦਿਨਾਂ ਮਗਰੋਂ ਆਪਣੀ ਸੇਵਾ ਮੁੜ ਸੰਭਾਲ ਲੈਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਕੁਲਵੰਤ ਸਿੰਘ ਮੰਨਣ, ਹਰਜਿੰਦਰ ਸਿੰਘ ਮਹਿਤਾ, ਅਮਰਜੀਤ ਸਿੰਘ ਚਾਵਲਾ, ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਇਕਬਾਲ ਸਿੰਘ ਜੌਹਲ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਆਦਿ ਵੀ ਹਾਜ਼ਰ ਸਨ।
ਸਿੱਖਾਂ ‘ਤੇ ਹਮਲਿਆਂ ਦਾ ਡੱਟ ਕੇ ਮੁਕਾਬਲਾ ਕਰਨ ਦੀ ਲੋੜ : ਬਾਦਲ
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਸਿੱਖਾਂ ‘ਤੇ ਹੋ ਰਹੇ ਵੱਡੇ ਹਮਲਿਆਂ ਦਾ ਮੁਕਾਬਲਾ ਡੱਟ ਕੇ ਕਰਨ ਦੀ ਲੋੜ ਹੈ। ਸਿੱਖਾਂ ਨੂੰ ਤਖ਼ਤ ਸਾਹਿਬਾਨ ਤੋਂ ਤਾਕਤ ਅਤੇ ਸੇਧ ਮਿਲਦੀ ਹੈ। ਉਨ੍ਹਾਂ ਕਿਹਾ ਕਿ ਉਹ ਐਡਵੋਕੇਟ ਧਾਮੀ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਸਮੁੱਚੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਮੁੜ ਜ਼ਿੰਮੇਵਾਰੀ ਸਾਂਭਣ ਦਾ ਫ਼ੈਸਲਾ ਕੀਤਾ ਹੈ। ਬਲਵਿੰਦਰ ਸਿੰਘ ਭੂੰਦੜ ਨੇ ਵੀ ਧਾਮੀ ਦਾ ਇਸ ਫ਼ੈਸਲੇ ਲਈ ਧੰਨਵਾਦ ਕੀਤਾ।

 

RELATED ARTICLES
POPULAR POSTS