
ਪਟਿਆਲਾ ਵਿਚ ਕਰਨਲ ਪੁਸ਼ਪਿੰਦਰ ਸਿੰਘ ਨਾਲ ਪੁਲਿਸ ਨੇ ਕੀਤੀ ਸੀ ਵਧੀਕੀ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਡਾ. ਚਰਨਜੀਤ ਸਿੰਘ ਚੰਨੀ, ਡਾ. ਅਮਰ ਸਿੰਘ, ਡਾ. ਧਰਮਵੀਰ ਗਾਂਧੀ, ਗੁਰਜੀਤ ਸਿੰਘ ਔਜਲਾ ਅਤੇ ਸ਼ੇਰ ਸਿੰਘ ਘੁਬਾਇਆ ਨੇ ਕਰਨਲ ਪੁਸ਼ਪਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਲਈ ਇਨਸਾਫ ਦੀ ਮੰਗ ਕਰਦੇ ਹੋਏ ਨਵੀਂ ਦਿੱਲੀ ਵਿਚ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਪੰਜਾਬ ਸਰਕਾਰ ’ਤੇ ਇਸ ਮਾਮਲੇ ਵਿਚ ਇਨਸਾਫ ਦੇਣ ਵਿਚ ਅਸਫਲ ਰਹਿਣ ਦਾ ਆਰੋਪ ਲਗਾਇਆ। ਉਨ੍ਹਾਂ ਕਾਂਗਰਸੀ ਸੰਸਦ ਮੈਂਬਰਾਂ ਨੇ ਕਰਨਲ ਪੁਸ਼ਪਿੰਦਰ ਸਿੰਘ ਦੇ ਪਰਿਵਾਰ ਦੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਅਤੇ ਸਰਕਾਰ ਵਲੋਂ ਕੀਤੀ ਗਈ ਕਾਰਵਾਈ ਨੂੰ ਕਮਜ਼ੋਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੀ ਢਿੱਲੀ ਕਾਰਵਾਈ ਨੇ ਆਮ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਬਹੁਤ ਮਾੜੀ ਉਦਾਹਰਨ ਪੇਸ਼ ਕੀਤੀ ਹੈ। ਪ੍ਰਦਰਸ਼ਨਕਾਰੀ ਸੰਸਦ ਮੈਂਬਰਾਂ ਨੇ ਕਿਹਾ ਕਿ ਜੇਕਰ ਜਲਦੀ ਹੀ ਢੁਕਵੀਂ ਕਾਰਵਾਈ ਨਾ ਕੀਤੀ ਗਈ ਤਾਂ ਉਹ ਇਸ ਮੁੱਦੇ ਨੂੰ ਹੋਰ ਗੰਭੀਰਤਾ ਨਾਲ ਉਠਾਉਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸਰਕਾਰ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਵਿਰੁੱਧ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਟਿਆਲਾ ਵਿਚ ਕਰਨਲ ਪੁਸ਼ਪਿੰਦਰ ਸਿੰਘ ਅਤੇ ਉਸਦੇ ਪੁੱਤਰ ਨਾਲ ਪੁਲਿਸ ਨੇ ਮਾਰਕੁੱਟ ਕੀਤੀ ਸੀ।