
ਪਰਿਵਾਰਕ ਮੈਂਬਰਾਂ ਨੂੰ ਮਿਲਣ ਦੀ ਦਿੱਤੀ ਜਾਵੇ ਇਜਾਜ਼ਤ : ਹਾਈਕੋਰਟ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ਵਿੱਚ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਸੁਣਵਾਈ ਦੌਰਾਨ ਅਦਾਲਤ ਨੇ ਸਵਾਲ ਉਠਾਇਆ ਕਿ ਜੇਕਰ ਡੱਲੇਵਾਲ ਇਸ ਸਮੇਂ ਹਸਪਤਾਲ ਵਿੱਚ ਦਾਖਲ ਹਨ ਤਾਂ ਇਹ ਪਟੀਸ਼ਨ ਕਿਉਂ ਜ਼ਰੂਰੀ ਸੀ। ਇਸ ’ਤੇ ਪੰਜਾਬ ਸਰਕਾਰ ਨੇ ਆਪਣਾ ਪੱਖ ਪੇਸ਼ ਕਰਦਿਆਂ ਕਿਹਾ ਕਿ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਉਨ੍ਹਾਂ ਦੀ ਸਹਿਮਤੀ ਨਾਲ ਪਟਿਆਲਾ ਦੇ ਹਸਪਤਾਲ ਵਿੱਚ ਰੱਖਿਆ ਗਿਆ ਹੈ। ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਡੱਲੇਵਾਲ ਇਸ ਸਮੇਂ ਪੁਲਿਸ ਹਿਰਾਸਤ ਵਿੱਚ ਨਹੀਂ ਹੈ। ਇਸ ’ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਕਿ ਡੱਲੇਵਾਲ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਪਰਸੋਂ ਤੱਕ ਮੁਲਤਵੀ ਕਰ ਦਿੱਤੀ ਹੈ ਅਤੇ ਸਰਕਾਰ ਨੂੰ ਨਵੀਂ ਸਥਿਤੀ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।