
ਸੂਬੇ ’ਚ ਵੱਖ-ਵੱਖ ਥਾਣਿਆਂ ਦੇ 191 ਮੁਨਸ਼ੀ ਬਦਲੇ
ਚੰਡੀਗੜ੍ਹ/ਬਿਊਰੋ ਨਿਊਜ਼
ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਸਰਕਾਰ ਨੇ ਵੱਖ-ਵੱਖ ਥਾਣਿਆਂ ’ਚ 2 ਸਾਲ ਤੋਂ ਤਾਇਨਾਤ 191 ਮੁਨਸ਼ੀਆਂ ਦਾ ਤਬਾਦਲਾ ਕਰ ਦਿੱਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਲੰਬੇ ਸਮੇਂ ਤਕ ਥਾਣਿਆਂ ’ਚ ਰਹਿਣ ਕਾਰਨ ਮੁਲਾਜ਼ਮ ਭਿ੍ਰਸ਼ਟਾਚਾਰ ’ਚ ਲਿਪਤ ਹੋ ਸਕਦੇ ਹਨ। ਇਸ ਮਿਥ ਨੂੰ ਤੋੜਨ ਲਈ ਸਰਕਾਰ ਨੇ ਇਹ ਫੈਸਲਾ ਲਿਆ ਹੈ ਕਿ ਕਿਸੇ ਵੀ ਥਾਣੇ ’ਚ ਕਿਸੇ ਮੁਨਸ਼ੀ ਨੂੰ 2 ਸਾਲ ਤੋਂ ਵੱਧ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਫੈਸਲੇ ’ਤੇ ਅਮਲ ਕਰਦਿਆਂ ਅੱਜ 191 ਮੁਨਸ਼ੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਧਿਆਨ ਰਹੇ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ ਮੁਹਿੰਮ ਚਲਾਈ ਹੋਈ ਹੈ, ਜਿਸਦੀ ਨਿਗਰਾਨੀ ਲਈ ਇਕ ਕੈਬਨਿਟ ਸਬ-ਕਮੇਟੀ ਵੀ ਬਣਾਈ ਗਈ ਹੈ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਇਸ ਦੇ ਪ੍ਰਧਾਨ ਹਨ।