ਦਿੱਲੀ ਵਿਚ ਇੰਡੀਆ ਗਠਜੋੜ ਦੇ ਵਿਦਿਆਰਥੀ ਸੰਗਠਨਾਂ ਦਾ ਰੋਸ ਪ੍ਰਦਰਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼ 

ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿਚ ਅੱਜ ਸੋਮਵਾਰ ਨੂੰ ਦਿੱਲੀ ਵਿਚ ਜੰਤਰ ਮੰਤਰ ਉਤੇ ‘ਇੰਡੀਆ’ ਗਠਜੋੜ ਦੇ ਵਿਦਿਆਰਥੀ ਸੰਗਠਨਾਂ ਨੇ ਬੇਰੁਜ਼ਗਾਰੀ ਦੇ ਮੁੱਦੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਵਿਦਿਆਰਥੀ ਸੰਗਠਨ ਨੈਸ਼ਨਲ ਐਜੂਕੇਸ਼ਨ ਪਾਲਿਸੀ, ਨਿਯੁਕਤੀਆਂ ’ਤੇ ਯੂਜੀਸੀ ਦੇ ਦਿਸ਼ਾ ਨਿਰਦੇਸ਼ਾਂ ਨੂੰ ਵਾਪਸ ਲੈਣ ਅਤੇ ਵਿਦਿਆਰਥੀ ਸੰਘਾਂ ਨੂੰ ਬਹਾਲ ਕਰਨ ਦੀ ਮੰਗ ਕਰ ਰਹੇ ਹਨ। ਇਸ ਮੌਕੇ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਵਿਚ ਸਭ ਤੋਂ ਵੱਡਾ ਮੁੱਦਾ ਰੁਜ਼ਗਾਰ ਦਾ ਹੈ ਅਤੇ ਸਰਕਾਰ ਇਸ ਮੁੱਦੇ ’ਤੇ ਚੁੱਪ ਹੈ। ਰਾਹੁਲ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਆਰ.ਐਸ.ਐਸ. ਦੇਸ਼ ਦੇ ਐਜੂਕੇਸ਼ਨ ਸਿਸਟਮ ਨੂੰ ਖਤਮ ਕਰ ਰਹੀ ਹੈ ਅਤੇ ਇਸ ਕਰਕੇ ਆਉਣ ਵਾਲੇ ਸਮੇਂ ਵਿਚ ਕਿਸੇ ਨੂੰ ਰੁਜ਼ਗਾਰ ਨਹੀਂ ਮਿਲੇਗਾ।