
ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬੀਆਂ ਨੂੰ ਇਕੱਠੇ ਹੋਣ ਦਾ ਦਿੱਤਾ ਸੱਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ’ਤੇ ਗੈਰ ਪੰਜਾਬੀਆਂ ਨੇ ਕਬਜ਼ਾ ਕੀਤਾ ਹੋਇਆ ਹੈ, ਜਿਨ੍ਹਾਂ ਵੱਲੋਂ ਪੰਜਾਬ ਨੂੰ ਲੁੱਟਿਆ ਜਾ ਰਿਹਾ ਹੈ। ਇਹ ਪ੍ਰਗਟਾਵਾ ਬਾਜਵਾ ਨੇ ਚੰਡੀਗੜ੍ਹ ’ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਬਾਜਵਾ ਨੇ ਕਿਹਾ ਕਿ ਪੰਜਾਬੀ ਬਹੁਤ ਹੀ ਸਮਝਦਾਰ ਤੇ ਕਾਬਲ ਕੌਮ ਹੈ, ਜੋ ਕਿ ਦੁਨੀਆ ਭਰ ਵਿੱਚ ਜਾਣੀ ਜਾਂਦੀ ਹੈ। ਇਸ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦਾ ਸ਼ਾਸਨ ਪੂਰੀ ਤਰ੍ਹਾਂ ਬਾਹਰ ਦੇ ਲੋਕਾਂ ਦੇ ਹੱਥ ਵਿੱਚ ਫੜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਰਫ ਕਠਪੁਤਲੀ ਬਣ ਕੇ ਰਹਿ ਗਏ ਹਨ। ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਸਲਾਹਕਾਰ ਵੈਭਵ ਕੁਮਾਰ ਪੰਜਾਬ ਤੋਂ ਬਾਹਰ ਦੇ ਹਨ, ਹੁਣ ਮਨੀਸ਼ ਸਿਸੋਦੀਆ ਤੇ ਸਤਿੰਦਰ ਜੈਨ ਵੀ ਪੰਜਾਬ ਵਿੱਚ ਆ ਗਏ ਹਨ। ਇਸ ਤੋਂ ਇਲਾਵਾ ਪੰਜਾਬ ਦਾ ਮੁੱਖ ਸਕੱਤਰ, ਗ੍ਰਹਿ ਸਕੱਤਰ ਅਤੇ ਡੀਜੀਪੀ ਵੀ ਪੰਜਾਬ ਤੋਂ ਬਾਹਰ ਦੇ ਲਗਾਏ ਹੋਏ ਹਨ। ਜਿਨ੍ਹਾਂ ਨੇ ਪੰਜਾਬ ਦੇ ਵਾਤਾਵਰਨ ਨੂੰ ਵਿਗਾੜ ਕੇ ਰੱਖ ਦਿੱਤਾ ਹੈ। ਉਨ੍ਹਾਂ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਆਓ ਸਾਰੇ ਇਕੱਠੇ ਹੋ ਕੇ ਪੰਜਾਬ ਨੂੰ ਬਚਾਈਏ।