
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਮੁੱਚਾ ਪੰਜਾਬ ਕਵਰ
ਮਹਿਲਾਵਾਂ ਲਈ 1100 ਰੁਪਏ ਦਾ ਫੈਸਲਾ ਟਲਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ ਸਭਾ ਵਿਚ ਵਿੱਤੀ ਸਾਲ 2025-26 ਲਈ ਬਜਟ ਪੇਸ਼ ਕਰ ਦਿੱਤਾ ਗਿਆ ਹੈ। ਇਸ ਬਜਟ ਵਿਚ ਪੰਜਾਬ ’ਚ ਦੋ ਸਾਲਾਂ ਬਾਅਦ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਝਲਕਾਰਾ ਦੇਖਣ ਨੂੰ ਮਿਲਿਆ ਹੈ। ਪੰਜਾਬ ਸਰਕਾਰ ਨੇ 2,30,080 ਕਰੋੜ ਰੁਪਏ ਦੇ ਅਨੁਮਾਨਾਂ ਵਾਲਾ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਨੇ ਬਜਟ ਭਾਸ਼ਣ ਦੌਰਾਨ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਮੁੱਚਾ ਪੰਜਾਬ ਕਵਰ ਹੋਵੇਗਾ ਤੇ ਹਰੇਕ ਪਰਿਵਾਰ ਨੂੰ ਸਕੀਮ ਦਾ ਲਾਭ ਮਿਲੇਗਾ। ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਮਿਲੇਗੀ। ਸਿੱਖਿਆ ਲਈ 12 ਫੀਸਦ ਦੇ ਵਾਧੇ ਨਾਲ 17,975 ਕਰੋੜ ਦਾ ਬਜਟ ਰੱਖਿਆ ਗਿਆ ਹੈ। ਖੇਤੀ ਸੈਕਟਰ ਲਈ 14,524 ਕਰੋੜ ਰੁਪਏ ਤੇ 300 ਯੂਨਿਟ ਮੁਫਤ ਬਿਜਲੀ ਲਈ 7614 ਕਰੋੜ ਰੱਖੇ ਗਏ ਹਨ। ਦੱਸਣਯੋਗ ਹੈ ਕਿ ਮਹਿਲਾਵਾਂ ਲਈ 1100 ਰੁਪਏ ਦਾ ਫੈਸਲਾ ਫਿਲਹਾਲ ਟਾਲ ਦਿੱਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਨੂੰ 1100 ਰੁਪਏ ਹਰ ਮਹੀਨੇ ਦੇਣ ਦੀ ਗਾਰੰਟੀ ਜਲਦੀ ਪੂਰੀ ਕਰੇਗੀ।