
ਬਾਜਵਾ ਨੇ ਕਿਹਾ : ਪੰਜਾਬ ਸਰਕਾਰ ਨੇ ਬਜਟ ’ਚ ਹਰ ਵਰਗ ਨੂੰ ਅਣਡਿੱਠ ਕੀਤਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਗਏ ਬਜਟ ਦੀ ਭਗਵੰਤ ਮਾਨ ਸਰਕਾਰ ਨੇ ਤਾਰੀਫ ਕੀਤੀ ਹੈ, ਪਰ ਵਿਰੋਧੀਆਂ ਨੇ ਇਸ ਬਜਟ ਨੂੰ ਭੰਡਿਆ ਹੈ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬਜਟ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਜਟ ਵਿੱਚ ਹਰ ਵਰਗ ਨੂੰ ਅਣਗੌਲਿਆ ਕਰ ਦਿੱਤਾ ਹੈ। ਇਸ ਬਜਟ ਵਿੱਚ ਕਿਸਾਨ, ਮਹਿਲਾਵਾਂ, ਵਪਾਰ ਅਤੇ ਹੋਰ ਸਾਰੇ ਹੀ ਖੇਤਰਾਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਹੈ। ਸੀਚੇਵਾਲ ਮਾਡਲ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਿਚਕਾਰ ਬਹਿਸ ਵੀ ਹੋਈ ਹੈ। ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੇ ਬਜਟ ਵਿੱਚ ਅੰਕੜਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ। ਭਾਜਪਾ ਆਗੂ ਤੇ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਬਜਟ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਦੇ ਬਜਟ ਨੇ ਸਿਰਫ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਹੀ ਪਿੱਠ ਥਾਪੜੀ ਹੈ।