ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਸਥਿਤ ਰਾਜ ਭਵਨ ‘ਚ ਸੂਬੇ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਦੋਹਾਂ ਵਿਚਕਾਰ ਕਰੀਬ 30 ਤੋਂ 35 ਮਿੰਟ ਤੱਕ ਬੰਦ ਕਮਰਾ ਮੀਟਿੰਗ ਹੋਈ।
ਜਾਣਕਾਰੀ ਅਨੁਸਾਰ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕ ਭਲਾਈ ਸਕੀਮਾਂ ਲਾਗੂ ਕਰਨ ਅਤੇ ਸੂਬਾ ਸਰਕਾਰ ਦੇ ‘ਰੰਗਲਾ ਪੰਜਾਬ’ ਬਣਾਉਣ ਦੇ ਸੁਫਨੇ ਨੂੰ ਸਾਕਾਰ ਕਰਨ ਵਿੱਚ ਆਪਸੀ ਸਹਿਯੋਗ ਬਾਰੇ ਵਿਚਾਰ-ਚਰਚਾ ਕੀਤੀ ਗਈ।
ਦੋਹਾਂ ਨੇ ਲੋਕਾਂ ਦੀ ਸੇਵਾ ਲਈ ਸੂਬਾ ਤੇ ਕੇਂਦਰ ਸਰਕਾਰ ਵਿਚਕਾਰ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਵਾਸਤੇ ਲੋੜੀਂਦੇ ਕਦਮ ਚੁੱਕਣ ਦਾ ਭਰੋਸਾ ਦਿੱਤਾ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਪਿਛਲੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਕਈ ਵਾਰ ਟਕਰਾਅ ਵੇਖਣ ਨੂੰ ਮਿਲਿਆ ਸੀ।
ਪੁਰੋਹਿਤ ਦੇ ਕਾਰਜਕਾਲ ਦੌਰਾਨ ਕਈ ਵਾਰ ਪੰਜਾਬ ਸਰਕਾਰ ਤੇ ਰਾਜਪਾਲ ਆਹਮੋ-ਸਾਹਮਣੇ ਖੜ੍ਹੇ ਦਿਖਾਈ ਦਿੱਤੇ ਸਨ ਜਦੋਂ ਕਿ ਮੌਜੂਦਾ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਲ ਮੁੱਖ ਮੰਤਰੀ ਦੇ ਸਬੰਧ ਵਧੀਆ ਦਿਖਾਈ ਦੇ ਰਹੇ ਹਨ।

