ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਮੁੱਚਾ ਪੰਜਾਬ ਕਵਰ, ਮਹਿਲਾਵਾਂ ਲਈ 1100 ਰੁਪਏ ਦਾ ਫੈਸਲਾ ਟਲਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ ਸਭਾ ਵਿਚ ਵਿੱਤੀ ਸਾਲ 2025-26 ਲਈ ਬਜਟ ਪੇਸ਼ ਕਰ ਦਿੱਤਾ ਗਿਆ ਹੈ। ਇਸ ਬਜਟ ਵਿਚ ਪੰਜਾਬ ‘ਚ ਦੋ ਸਾਲਾਂ ਬਾਅਦ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਝਲਕਾਰਾ ਦੇਖਣ ਨੂੰ ਮਿਲਿਆ ਹੈ। ਪੰਜਾਬ ਸਰਕਾਰ ਨੇ 2,30,080 ਕਰੋੜ ਰੁਪਏ ਦੇ ਅਨੁਮਾਨਾਂ ਵਾਲਾ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਨੇ ਬਜਟ ਭਾਸ਼ਣ ਦੌਰਾਨ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਮੁੱਚਾ ਪੰਜਾਬ ਕਵਰ ਹੋਵੇਗਾ ਤੇ ਹਰੇਕ ਪਰਿਵਾਰ ਨੂੰ ਸਕੀਮ ਦਾ ਲਾਭ ਮਿਲੇਗਾ। ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਮਿਲੇਗੀ। ਸਿੱਖਿਆ ਲਈ 12 ਫੀਸਦ ਦੇ ਵਾਧੇ ਨਾਲ 17,975 ਕਰੋੜ ਦਾ ਬਜਟ ਰੱਖਿਆ ਗਿਆ ਹੈ। ਖੇਤੀ ਸੈਕਟਰ ਲਈ 14,524 ਕਰੋੜ ਰੁਪਏ ਤੇ 300 ਯੂਨਿਟ ਮੁਫਤ ਬਿਜਲੀ ਲਈ 7614 ਕਰੋੜ ਰੱਖੇ ਗਏ ਹਨ। ਦੱਸਣਯੋਗ ਹੈ ਕਿ ਮਹਿਲਾਵਾਂ ਲਈ 1100 ਰੁਪਏ ਦਾ ਫੈਸਲਾ ਫਿਲਹਾਲ ਟਾਲ ਦਿੱਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਨੂੰ 1100 ਰੁਪਏ ਹਰ ਮਹੀਨੇ ਦੇਣ ਦੀ ਗਾਰੰਟੀ ਜਲਦੀ ਪੂਰੀ ਕਰੇਗੀ।
‘ਆਪ’ ਸਰਕਾਰ ਨੇ ਬਜਟ ਦੀ ਕੀਤੀ ਤਾਰੀਫ ਅਤੇ ਵਿਰੋਧੀਆਂ ਨੇ ਬਜਟ ਨੂੰ ਭੰਡਿਆ
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਗਏ ਬਜਟ ਦੀ ਭਗਵੰਤ ਮਾਨ ਸਰਕਾਰ ਨੇ ਤਾਰੀਫ ਕੀਤੀ ਹੈ, ਪਰ ਵਿਰੋਧੀਆਂ ਨੇ ਇਸ ਬਜਟ ਨੂੰ ਭੰਡਿਆ ਹੈ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬਜਟ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਜਟ ਵਿੱਚ ਹਰ ਵਰਗ ਨੂੰ ਅਣਗੌਲਿਆ ਕਰ ਦਿੱਤਾ ਹੈ। ਇਸ ਬਜਟ ਵਿੱਚ ਕਿਸਾਨ, ਮਹਿਲਾਵਾਂ, ਵਪਾਰ ਅਤੇ ਹੋਰ ਸਾਰੇ ਹੀ ਖੇਤਰਾਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਹੈ। ਸੀਚੇਵਾਲ ਮਾਡਲ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਿਚਕਾਰ ਬਹਿਸ ਵੀ ਹੋਈ ਹੈ।
ਬੀਐਸਐਫ ਦੇ ਨਾਲ ਸਰਹੱਦ ‘ਤੇ ਤੈਨਾਤ ਹੋਣਗੇ ਪੰਜਾਬ ਹੋਮਗਾਰਡ ਦੇ ਜਵਾਨ
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦਿਆਂ ਐਲਾਨ ਕੀਤਾ ਕਿ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਬੀਐਸਐਫ ਦੇ ਜਵਾਨਾਂ ਦੇ ਨਾਲ ਪੰਜਾਬ ਹੋਮਗਾਰਡ ਦੇ ਜਵਾਨ ਵੀ ਤਾਇਨਾਤ ਕੀਤੇ ਜਾਣਗੇ। ਦੱਸਿਆ ਗਿਆ ਕਿ ਸਰਹੱਦ ‘ਤੇ ਤਾਇਨਾਤ ਕੀਤੇ ਜਾਣ ਵਾਲੇ ਹੋਮਗਾਰਡ ਕਰਮਚਾਰੀ ਦੂਜੀ ਰੱਖਿਆ ਲਾਈਨ ਵਜੋਂ ਕੰਮ ਕਰਨਗੇ। ਹਰਪਾਲ ਚੀਮਾ ਨੇ ਕਿਹਾ ਕਿ ਇਸ ਲਈ 5 ਹਜ਼ਾਰ ਹੋਮਗਾਰਡ ਜਵਾਨ ਸਰਹੱਦ ‘ਤੇ ਤਾਇਨਾਤ ਕੀਤੇ ਜਾਣਗੇ। ਇਸ ਲਈ ਪੰਜਾਬ ਦੇ ਉਨ੍ਹਾਂ ਨੌਜਵਾਨਾਂ ਨੂੰ ਚੁਣਿਆ ਜਾਵੇਗਾ, ਜਿਨ੍ਹਾਂ ਵਿੱਚ ਪੰਜਾਬ ਦੀ ਰੱਖਿਆ ਕਰਨ ਦਾ ਜਨੂੰਨ ਹੋਵੇ ਅਤੇ ਉਹ ਦੁਸ਼ਮਣਾਂ ‘ਤੇ ਤਿੱਖੀ ਨਜ਼ਰ ਰੱਖ ਸਕਦੇ ਹੋਣ।
Check Also
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ
ਕਿਹਾ : ਸਾਨੂੰ ਸਾਰਿਆਂ ਨੂੰ ਵਾਤਾਵਰਣ ਬਚਾਉਣ ਲਈ ਆਉਣਾ ਚਾਹੀਦੈ ਅੱਗੇ ਅੰਮਿ੍ਰਤਸਰ/ਬਿਊਰੋ ਨਿਊਜ਼ ਰਾਜ ਸਭਾ …