
ਪੰਜਾਬ ਸਰਕਾਰ ਨੇ ਵੀ ਨਸ਼ਿਆਂ ਖਿਲਾਫ ਛੇੜੀ ਹੋਈ ਹੈ ਮੁਹਿੰਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ‘ਰੰਗਲਾ ਪੰਜਾਬ’ ਬਣਾਉਣ ਅਤੇ ਨਸ਼ਿਆਂ ਖਿਲਾਫ ਛੇ ਦਿਨਾਂ ਪਦ ਯਾਤਰਾ ਡੇਰਾ ਬਾਬਾ ਨਾਨਕ ਤੋਂ ਸ਼ੁਰੂ ਕਰਨਗੇ। ਰਾਜਪਾਲ ਇਹ ਯਾਤਰਾ 3 ਅਪਰੈਲ ਨੂੰ ਸ੍ਰੀ ਕਰਤਾਰਪੁਰ ਸਾਹਿਬ ਕੌਰੀਡੋਰ ਤੋਂ ਸ਼ੁਰੂ ਕਰਨਗੇ ਅਤੇ ਇਹ 8 ਅਪਰੈਲ ਨੂੰ ਜੱਲ੍ਹਿਆਂਵਾਲਾ ਬਾਗ ਅੰਮਿ੍ਰਤਸਰ ਵਿਖੇ ਸਮਾਪਤ ਹੋਵੇਗੀ। ਰਾਜਪਾਲ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪਦ ਯਾਤਰਾ ਵਿੱਚ ਸ਼ਾਮਲ ਹੋਣ ਵਾਸਤੇ ਸੱਦਾ ਪੱਤਰ ਭੇਜਿਆ ਹੈ। ਜਦੋਂ ਕਿ ਪੰਜਾਬ ਸਰਕਾਰ ਨੇ ਵੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਛੇੜੀ ਹੋਈ ਹੈ। ਠੀਕ ਉਸ ਸਮੇਂ ਰਾਜਪਾਲ ਨੇ ਵੱਖਰੀ ‘ਪਦ ਯਾਤਰਾ’ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਰਾਜਪਾਲ ਵੱਲੋਂ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਅਲਾਮਤ ਨਾਲ ਨਜਿੱਠਣ ਦੀ ਪੰਜਾਬ ਸਰਕਾਰ ਦੀ ਵੀ ਤਰਜੀਹ ਹੈ। ਰਾਜਪਾਲ ਨੇ ਲਿਖਿਆ ਹੈ ਕਿ ਇਸ ਮੁਹਿੰਮ ਵਾਸਤੇ ਸਾਰਿਆਂ ਨੂੰ ਸਾਂਝੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾ ਸਕੀਏ।