ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸੰਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਇਹ ਚਿਰੋਕਣੀ ਮੰਗ ਰਹੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਪਦਵੀ ਦੇ ਸਤਿਕਾਰ ਅਤੇ ਮਹੱਤਵ ਦੇ ਮੱਦੇਨਜ਼ਰ ਸੇਵਾ ਨਿਯਮ ਤੈਅ ਕੀਤੇ ਜਾਣ, ਜਿਸ ਨੂੰ ਲੈ ਕੇ ਬੀਤੇ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿਚ ਸਿਧਾਂਤਕ ਪ੍ਰਵਾਨਗੀ ਦਾ ਮਤਾ ਪਾਸ ਕੀਤਾ ਗਿਆ ਹੈ। ਇਸ ਮਤੇ ਦੀ ਭਾਵਨਾ ਅਨੁਸਾਰ ਜਥੇਦਾਰ ਸਾਹਿਬ ਦੀ ਨਿਯੁਕਤੀ, ਸੇਵਾਵਾਂ ਅਤੇ ਸੇਵਾ ਮੁਕਤੀ ਬਾਰੇ ਕੌਂਮ ਦੀਆਂ ਸਮੁੱਚੀਆਂ ਜਥੇਬੰਦੀਆਂ ਤੇ ਸੰਸਥਾਵਾਂ ਦੇ ਨਾਲ ਨਾਲ ਸਿੱਖ ਬੁੱਧੀਜੀਵੀਆਂ ਦੇ ਵਿਚਾਰ ਮਹੱਤਵਪੂਰਨ ਹਨ। ਇਸ ਲਈ 20 ਅਪ੍ਰੈਲ 2025 ਤੱਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected]. ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।
Home / ਕੈਨੇਡਾ / Front / ਜਥੇਦਾਰਾਂ ਦੀ ਨਿਯੁਕਤੀ ਅਤੇ ਸੇਵਾ ਮੁਕਤੀ ਸੰਬੰਧੀ ਨਿਯਮ ਬਣਾਉਣ ਲਈ ਐਡਵੋਕੇਟ ਧਾਮੀ ਨੇ ਮੰਗੇ ਸੁਝਾਅ
Check Also
ਪਾਕਿਸਤਾਨ ’ਚ ਫਿਰ ਤਖਤਾ ਪਲਟ ਸਕਦੀ ਹੈ ਫੌਜ
ਆਰਮੀ ਚੀਫ ਮੁਨੀਰ ਨੂੰ ਅਗਲਾ ਰਾਸ਼ਟਰਪਤੀ ਅਤੇ ਬਿਲਾਵਲ ਨੂੰ ਪ੍ਰਧਾਨ ਮੰਤਰੀ ਬਣਾਏ ਜਾਣ ਦੀ ਚਰਚਾ …