
ਕਿਸਾਨ ਆਗੂ ਪੰਧੇਰ ਨੇ ‘ਆਪ’ ਅਤੇ ਭਾਜਪਾ ’ਚ ਗਠਜੋੜ ਦੇ ਲਗਾਏ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਿਸਾਨਾਂ ਨੇ ਹੁਣ ਪੰਜਾਬ ਸਰਕਾਰ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ ਅੱਜ ਸੋਮਵਾਰ ਨੂੰ ਪੂਰੇ ਪੰਜਾਬ ਵਿਚ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਹੈ। ਕਿਸਾਨਾਂ ਦਾ ਆਰੋਪ ਹੈ ਕਿ ਪੰਜਾਬ ਪੁਲਿਸ ਨੇ ਲੰਘੀ 19 ਮਾਰਚ ਨੂੰ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਦੇ ਧਰਨਿਆਂ ਨੂੰ ਹਟਾ ਦਿੱਤਾ ਸੀ। ਇਸਦੇ ਚੱਲਦਿਆਂ ਪੰਜਾਬ ਪੁਲਿਸ ਨੇ ਬਾਰਡਰ ਖਾਲੀ ਕਰਵਾਉਣ ਲਈ ਕਈ ਕਿਸਾਨਾਂ ਨੂੰ ਹਿਰਾਸਤ ਵਿਚ ਵੀ ਲੈ ਲਿਆ ਸੀ। ਇਸਦੇ ਵਿਰੋਧ ਵਿਚ ਕਿਸਾਨਾਂ ਨੇ ਅੱਜ ਪੰਜਾਬ ਭਰ ਵਿਚ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਹੈ। ਮੀਡੀਆ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਕਈ ਥਾਈਂ ਪੁਲਿਸ ਅਤੇ ਕਿਸਾਨਾਂ ਵਿਚਾਲੇ ਹੱਥੋਪਾਈ ਵੀ ਹੋਈ ਹੈ। ਕਿਸਾਨਾਂ ਦਾ ਆਰੋਪ ਹੈ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਜ਼ਬਰਦਸਤੀ ਕੀਤੀ ਹੈ। ਇਸੇ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚ ਕੋਈ ਫਰਕ ਨਹੀਂ ਹੈ ਅਤੇ ਸਾਨੂੰ ਲੱਗਦਾ ਹੈ ਕਿ ਇਨ੍ਹਾਂ ਦੋਵਾਂ ਪਾਰਟੀਆਂ ਵਿਚ ਗਠਜੋੜ ਹੋ ਚੁੱਕਾ ਹੈ।