
ਮੁੱਖ ਮੰਤਰੀ ਮਾਨ ਨੇ ਨਿਰਪੱਖ ਜਾਂਚ ਤੇ ਇਨਸਾਫ ਦਿਵਾਉਣ ਦਾ ਦਿੱਤਾ ਭਰੋਸਾ
ਚੰਡੀਗੜ੍ਹ/ਬਿਊਰੋ ਨਿਊਜ਼
ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਬਾਹਰ ਪੁਲਿਸ ਮੁਲਾਜ਼ਮਾਂ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਇਨਸਾਫ ਦੀ ਮੰਗ ਲਈ ਕਰਨਲ ਦਾ ਪਰਿਵਾਰ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਿਆ। ਦੱਸਿਆ ਜਾਂਦਾ ਹੈ ਕਿ ਇਸ ਮੌਕੇ ਜਿਥੇ ਪਰਿਵਾਰ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਦੁਹਰਾਈ, ਉਥੇ ਮੁੱਖ ਮੰਤਰੀ ਨੇ ਪਰਿਵਾਰ ਨੂੰ ਨਿਰਪੱਖ ਜਾਂਚ ਕਰਾਉਣ ਤੇ ਇਨਸਾਫ਼ ਦਿਵਾਉਣ ਦਾ ਯਕੀਨ ਦਿਵਾਇਆ ਹੈ। ਇਸ ਸਬੰਧ ਵਿਚ ਪਟਿਆਲਾ ਤੋਂ ਚੰਡੀਗੜ੍ਹ ਪੁੱਜਣ ਵਾਲਿਆਂ ਵਿਚ ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ, ਉਹਨਾਂ ਦੇ ਪਰਿਵਾਰਕ ਮੈਂਬਰ ਅਤੇ ਉਨ੍ਹਾਂ ਦੇ ਹਮਾਇਤੀ ਸ਼ਾਮਲ ਸਨ। ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਜਸਵਿੰਦਰ ਕੌਰ ਬਾਠ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਮਲੇ ਦੀ ਜਾਂਚ ਲਈ ਚੌਥੀ ਵਾਰ ਸਿੱਟ ਬਦਲੀ ਗਈ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਕਿਵੇਂ ਕਰਨਲ ਦੀ ਕੁੱਟਮਾਰ ਦੇ ਮਾਮਲੇ ਵਿੱਚ ਪੁਲਿਸ ਮੁਲਾਜ਼ਮਾਂ ਨੂੰ ਬਚਾਉਣ ਲੱਗੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਐਸਐਸਪੀ ਪਟਿਆਲਾ ਡਾ. ਨਾਨਕ ਸਿੰਘ ਨੂੰ ਬਦਲਿਆ ਜਾਵੇ।