ਕਿਹਾ : ਅਧਿਆਪਕਾਂ ਕੋਲੋਂ ਪੜ੍ਹਾਈ ਤੋਂ ਇਲਾਵਾ ਨਹੀਂ ਲਿਆ ਜਾਵੇਗਾ ਕੋਈ ਹੋਰ ਕੰਮ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਨਵ ਨਿਯੁਕਤ ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਅਤੇ ਉਨ੍ਹਾਂ ਨਵਨਿਯੁਕਤ ਅਧਿਆਪਕਾਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਲੋਕ ਸਰਕਾਰੀ ਨੌਕਰੀਆਂ ਨੂੰ ਤਾਂ ਭੁੱਲ ਹੀ ਗਏ ਸਨ ਪਰ ਹੁਣ ਅਜਿਹਾ ਨਹੀਂ। ਕਿਉਂਕਿ ਸਾਡੀ ਸਰਕਾਰ ਵੱਲੋਂ ਪੰਜਾਬ ਦੇ ਹੋਣਹਾਰ ਨੌਜਵਾਨਾਂ ਨੂੰ ਲਗਾਤਾਰ ਨੌਕਰੀਆਂ ਦਿੱਤੀਆਂ ਜਾ ਰਹੀਆਂ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਅਧਿਆਪਕਾਂ ਕੋਲੋਂ ਪੜ੍ਹਾਉਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੋਰਨਾਂ ਕੰਮਾਂ ਲਈ ਸਾਡੀ ਸਰਕਾਰ ਨੂੰ ਜੋ ਮਰਜੀ ਕਰਨਾ ਪਵੇ ਪਰ ਅਧਿਆਪਕਾਂ ਦੀ ਜ਼ਿੰਮੇਵਾਰੀ ਸਿਰਫ਼ ਵਿਦਿਆਰਥੀਆਂ ਨੂੰ ਪੜ੍ਹਾਉਣ ਦੀ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਨਵਨਿਯੁਕਤ ਅਧਿਆਪਕਾਂ ਨੂੰ ਬਦਲੀਆਂ ਲਈ ਅਰਜ਼ੀਆਂ ਨਾ ਦੇਣ ਦੀ ਅਪੀਲ ਵੀ ਕੀਤੀ। ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।