
ਕਿਹਾ : ਪੰਜਾਬ ਦੇ ਲੋਕਾਂ ਲਈ ਕਦੇ ਇਸ ਤਰ੍ਹਾਂ ਇਕੱਠੇ ਨਹੀਂ ਹੋਏ ਵਿਰੋਧ ਦਲ
ਚੰਡੀਗੜ੍ਹ/ਬਿਊਰੋ ਨਿਊਜ਼
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ-ਪਲੱਸ ਸੁਰੱਖਿਆ ਵਾਪਸ ਲੈਣ ਸਬੰਧੀ ਸਿਆਸੀ ਵਿਰੋਧੀਆਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ’ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਪ੍ਰਤੀਕਿਰਿਆ ਦਿੱਤੀ ਹੈ। ਅਮਨ ਅਰੋੜਾ ਨੇ ਮਜੀਠੀਆ ਪ੍ਰਤੀ ਵਿਰੋਧੀ ਧਿਰ ਦੀ ਹਮਦਰਦੀ ’ਤੇ ਸਵਾਲ ਚੁੱਕੇ ਹਨ। ਸੂਬਾ ਸਰਕਾਰ ਵੱਲੋਂ ਮਜੀਠੀਆ ਦੀ ਜ਼ੈੱਡ-ਪਲੱਸ ਸੁਰੱਖਿਆ ਵਾਪਸ ਲਏ ਜਾਣ ਤੋਂ ਬਾਅਦ ਵਿਰੋਧੀ ਧਿਰਾਂ ਦੇ ਆਗੂਆਂ ਵਲੋਂ ਆਰੋਪ ਲਗਾਏ ਜਾ ਰਹੇ ਹਨ ਕਿ ਮਜੀਠੀਆ ਦਾ ਸੁਰੱਖਿਆ ਕਵਰ ‘ਆਪ’ ਸਰਕਾਰ ਵਿਰੁੱਧ ਲਗਾਤਾਰ ਮੁੱਦੇ ਉਠਾਉਣ ਦੇ ਬਦਲੇ ਵਜੋਂ ਵਾਪਸ ਲਿਆ ਗਿਆ ਹੈ। ਧਿਆਨ ਰਹੇ ਕਿ ਅਕਾਲੀ ਆਗੂਆਂ ਤੋਂ ਇਲਾਵਾ ਕਾਂਗਰਸ ਅਤੇ ਭਾਜਪਾ ਦੇ ਆਗੂਆਂ ਨੇ ਵੀ ਮਜੀਠੀਆ ਦੀ ਸੁਰੱਖਿਆ ਵਾਪਸ ਲੈਣ ’ਤੇ ਸਰਕਾਰ ਦੀ ਆਲੋਚਨਾ ਕੀਤੀ ਹੈ। ਇਸੇ ਦੌਰਾਨ ਅਮਨ ਅਰੋੜਾ ਨੇ ਵਿਰੋਧੀ ਧਿਰ ਦੇ ਆਗੂਆਂ ਨੂੰ ਸਵਾਲ ਕੀਤਾ ਕਿ ਉਹ ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਪ੍ਰਤੀ ਹਮਦਰਦੀ ਕਿਉਂ ਰੱਖਦੇ ਹਨ। ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਸਰਕਾਰੀ ਕਾਰਵਾਈ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕੋਈ ਵੀ ਹੋਵੇ।