
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦਾ ਬਿਆਨ ਆਇਆ ਸਾਹਮਣੇ
ਚੰਡੀਗੜ੍ਹ/ਬਿਊਰੋ ਨਿਊਜ਼
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਦਾਅਵਿਆਂ ਨੂੰ ਰੱਦ ਕਰਦੇ ਹੋਏ ਪੰਜਾਬ ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਘਟਾਈ ਗਈ ਹੈ, ਵਾਪਸ ਨਹੀਂ ਲਈ ਗਈ। ਪੁਲਿਸ ਦੇ ਸੀਨੀਅਰ ਅਧਿਕਾਰੀ ਦਾ ਇਹ ਬਿਆਨ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੇ ਉਸ ਦਾਅਵੇ ਤੋਂ ਇਕ ਦਿਨ ਬਾਅਦ ਆਇਆ ਹੈ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਮਜੀਠੀਆ ਦੀ ਜ਼ੈੱਡ-ਪਲੱਸ ਸੁਰੱਖਿਆ ਵਾਪਸ ਲੈ ਲਈ ਹੈ। ਵਿਸ਼ੇਸ਼ ਡਾਇਰੈਕਟਰ ਜਨਰਲ ਆਫ ਪੁਲਿਸ ਅਰਪਿਤ ਸ਼ੁਕਲਾ ਨੇ ਕਿਹਾ ਕਿ ਮਜੀਠੀਆ ਦੀ ਸੁਰੱਖਿਆ ਵਾਪਸ ਲਏ ਜਾਣ ਦੀਆਂ ਰਿਪੋਰਟਾਂ ਸਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਕਵਰ ਖਤਰੇ ਦੇ ਆਧਾਰ ’ਤੇ ਪ੍ਰਦਾਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਸਮੀਖਿਆ ਕਮੇਟੀ ਸਮੇਂ-ਸਮੇਂ ’ਤੇ ਸਮੀਖਿਆ ਕਰਦੀ ਹੈ ਅਤੇ ਖ਼ਤਰੇ ਦੀ ਧਾਰਨਾ ਦੇ ਆਧਾਰ ’ਤੇ ਸੁਰੱਖਿਆ ਵਧਾਉਣ ਜਾਂ ਘਟਾਉਣ ਦਾ ਫੈਸਲਾ ਕਰਦੀ ਹੈ।

