
ਨਸ਼ਿਆਂ ਖਿਲਾਫ ਪੈਦਲ ਯਾਤਰਾ ਕਰ ਰਹੇ ਹਨ ਪੰਜਾਬ ਦੇ ਰਾਜਪਾਲ
ਗੁਰਦਾਸਪੁਰ)/ਬਿਊਰੋ ਨਿਊਜ਼
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਵੀਰਵਾਰ ਨੂੰ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਸ਼ੁਰੂਆਤ ਕੀਤੀ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਰਾਜਪਾਲ ਕਰਤਾਰਪੁਰ ਕੌਰੀਡੋਰ ਤੋਂ ਇਸ ਮਾਰਚ ਦੀ ਅਗਵਾਈ ਕਰ ਰਹੇ ਸਨ, ਜੋ ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਦਾ ਹਿੱਸਾ ਹੈ। ਇਸਦੇ ਚੱਲਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਭਲਕੇ 4 ਅਪ੍ਰੈਲ ਨੂੰ ਫਤਿਹਗੜ੍ਹ ਚੂੜੀਆਂ ਵਿਖੇ ਪੈਦਲ ਯਾਤਰਾ ਕਰਕੇ ਸੂਬਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨਗੇ। ਇਸ ਸਬੰਧੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਪਾਲ ਕਟਾਰੀਆ ਵੱਲੋਂ ਨਸ਼ਿਆਂ ਖਿਲਾਫ ਦੂਜੇ ਦਿਨ ਦੀ ਪੈਦਲ ਯਾਤਰਾ 4 ਅਪ੍ਰੈਲ ਨੂੰ ਪਿੰਡ ਢਾਂਡਾ ਦੇ ਬੰਦੇਸ਼ਾ ਪੈਲੇਸ ਤੋਂ ਸਵੇਰੇ 6 ਵਜੇ ਸ਼ੁਰੂ ਹੋਵੇਗੀ ਅਤੇ ਇਸ ਦੀ ਸਮਾਪਤੀ ਐੱਸ.ਡੀ. ਕਾਲਜ ਫਤਿਹਗੜ੍ਹ ਚੂੜੀਆਂ ਵਿਖੇ ਹੋਵੇਗੀ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵਿਰੋਧੀ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ।