
ਰਾਣਾ ਸ਼ੂਗਰਜ਼ ਲਿਮਟਿਡ ਦੀ 22 ਕਰੋੜ ਤੋਂ ਜ਼ਿਆਦਾ ਦੀ ਜਾਇਦਾਦ ਜ਼ਬਤ
ਜਲੰਧਰ/ਬਿਊਰੋ ਨਿਊਜ਼
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਜਲੰਧਰ ਨੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ 1999 ਦੀ ਧਾਰਾ 371 ਦੇ ਤਹਿਤ ਰਾਣਾ ਸ਼ੂਗਰਜ਼ ਲਿਮਟਿਡ ਦੀ 22 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੀ ਅਚੱਲ ਜਾਇਦਾਦ ਜ਼ਬਤ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਉਕਤ ਕੰਪਨੀ ਦੇ ਮਾਲਕ ਹਨ ਅਤੇ ਇਨ੍ਹਾਂ ਵਿਰੁੱਧ ਇਹ ਕਾਰਵਾਈ ਕੀਤੀ ਗਈ ਹੈ। ਦੱਸਣਯੋਗ ਹੈ ਕਿ ਰਾਣਾ ਇੰਦਰ ਪ੍ਰਤਾਪ ਸਿੰਘ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਹਨ। ਇਹ ਦੋਵੇਂ ਵਿਧਾਇਕ ਅਤੇ ਹੋਰ ਪਰਿਵਾਰਕ ਮੈਂਬਰ ਕੰਪਨੀ ਦੇ ਸ਼ੇਅਰਧਾਰਕ ਹਨ। ਦੱਸਿਆ ਜਾ ਰਿਹਾ ਹੈ ਕਿ 2005 ਤੋਂ ਲੈ ਕੇ 2007 ਤੱਕ ਵਿਦੇਸ਼ੀ ਬੈਂਕਾਂ ਤੋਂ ਕਰੀਬ 100 ਕਰੋੜ ਭਾਵ 18 ਮਿਲੀਅਨ ਸ਼ੇਅਰ ਹੋਲਡਰ ਜ਼ਰੀਏ ਕਰਜ਼ ਲਿਆ ਸੀ, ਜਿਸ ਬਾਰੇ ਸੇਬੀ ਤੇ ਆਰਬੀਆਈ ਨੂੰ ਜਾਣਕਾਰੀ ਨਹੀਂ ਦਿੱਤੀ ਗਈ ਸੀ। ਜ਼ਿਕਰਯੋਗ ਹੈ ਕਿ ਸਾਲ 2018 ਦੌਰਾਨ ਰਾਣਾ ਗੁਰਜੀਤ ਸਿੰਘ ਤੇ ਉਨ੍ਹਾਂ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਕੋਲੋਂ ਈਡੀ ਵੱਲੋਂ ਇਸੇ ਮਾਮਲੇ ਵਿੱਚ ਪੁੱਛ ਪੜਤਾਲ ਕੀਤੀ ਗਈ ਸੀ।