
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਿਆਂ ਵਿਰੁੱਧ ਆਰੰਭ ਕੀਤੀ ਜਾਗਰੂਕਤਾ ਮੁਹਿੰਮ ਤਹਿਤ ਪੈਦਲ ਯਾਤਰਾ ਦੀ ਅੱਜ ਮੰਗਲਵਾਰ ਨੂੰ ਇਤਿਹਾਸਕ ਜਲ੍ਹਿਆਂਵਾਲਾ ਬਾਗ ਅੰਮਿ੍ਰਤਸਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਮਗਰੋਂ ਸਮਾਪਤੀ ਕੀਤੀ ਹੈ। ਇਸ ਤੋਂ ਪਹਿਲਾਂ ਉਹਨਾਂ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਰਾਜਪਾਲ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿੱਚ ਸਨਮਾਨਿਤ ਵੀ ਕੀਤਾ ਗਿਆ। ਇਸ ਉਪਰੰਤ ਰਾਜਪਾਲ ਨੇ ਭੰਡਾਰੀ ਪੁਲ ਤੋਂ ਜਲ੍ਹਿਆਂਵਾਲਾ ਬਾਗ ਤੱਕ ਪੈਦਲ ਮਾਰਚ ਕੀਤਾ ਅਤੇ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਲੋਕਾਂ ਨੂੰ ਸੁਚੇਤ ਹੋਣ ਦਾ ਹੋਕਾ ਦਿੱਤਾ। ਪੈਦਲ ਯਾਤਰਾ ਦੀ ਸਮਾਪਤੀ ਮੌਕੇ ਉਨ੍ਹਾਂ ਨੇ ਸਮਾਗਮ ਵਿਚ ਹਾਜ਼ਰ ਸਮੂਹ ਵਿਅਕਤੀਆਂ, ਬੱਚਿਆਂ ਤੇ ਹੋਰਨਾਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋ ਕੇ ਲੜਨ ਅਤੇ ਇਸ ਦਾ ਵਿਰੋਧ ਕਰਨ ਦੀ ਸਹੁੰ ਚੁਕਾਈ।