
ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਲਿਆ ਗਿਆ ਫੈਸਲਾ
ਅੰਮਿ੍ਰਤਸਰ/ਬਿਊੁਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਅੱਜ ਸ੍ਰੀ ਅਕਾਲ ਤਖਤ ਸਾਹਿਬ ਅੰਮਿ੍ਰਤਸਰ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਕੱਤਰਤਾ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਾ ਗਿਆਨੀ ਮੰਗਲ ਸਿੰਘ ਹਾਜ਼ਰ ਰਹੇ। ਇਕੱਤਰਤਾ ’ਚ ਵੱਖ-ਵੱਖ ਮਤੇ ਪਾਸ ਕੀਤੇ ਗਏ। ਇਕੱਤਰਤਾ ਵਿਚ ਕੀਤੇ ਗਏ ਫੈਸਲੇ ਅਨੁਸਾਰ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੀਆਂ ਪੰਥਕ ਸੇਵਾਵਾਂ ’ਤੇ ਰੋਕ ਲਗਾ ਦਿੱਤੀ ਗਈ ਹੈ। ਇਸੇ ਦੌਰਾਨ ਗਿਆਨੀ ਇਕਬਾਲ ਸਿੰਘ ਜਦੋਂ ਤੱਕ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਨਹੀਂ ਰੱਖਦੇ ਤੇ ਲੱਗੇ ਇਲਜ਼ਾਮਾਂ ਤੋਂ ਸੁਰਖਰੂ ਨਹੀਂ ਹੋ ਜਾਂਦੇ, ਉਦੋਂ ਤੱਕ ਉਹ ਪੰਥਕ ਸਰਗਰਮੀਆਂ ਅਤੇ ਸਮਾਗਮਾਂ ਵਿਚ ਸ਼ਮੂਲੀਅਤ ਤੋਂ ਗੁਰੇਜ਼ ਕਰਨ।