
ਗਿਆਨੀ ਹਰਪ੍ਰੀਤ ਸਿੰਘ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਅਹੁਦੇ ਤੋਂ ਦੇ ਦਿੱਤਾ ਸੀ ਅਸਤੀਫਾ
ਤਲਵੰਡੀ ਸਾਬੋ/ਬਿਊਰੋ ਨਿਊਜ਼
ਕਰੀਬ ਇਕ ਮਹੀਨਾ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਬਾਬਾ ਟੇਕ ਸਿੰਘ ਧਨੌਲਾ ਦੀ ਅੱਜ ਬੁੱਧਵਾਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਤਾਜਪੋਸ਼ੀ ਕਰ ਦਿੱਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖਤ ਸਾਹਿਬ ਦੇ ਪੰਜ ਪਿਆਰੇ ਅਤੇ ਕੁਝ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਬਾਬਾ ਟੇਕ ਸਿੰਘ ਧਨੌਲਾ ਨੂੰ ਦਸਤਾਰਾਂ ਅਤੇ ਸਿਰੋਪਾਓ ਭੇਟ ਕੀਤੇ। ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਬਾਬਾ ਟੇਕ ਸਿੰਘ ਧਨੌਲਾ ਨੂੰ ਦਸਤਾਰ ਭੇਟ ਕੀਤੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।