
ਡਾ. ਦਲਜੀਤ ਸਿੰਘ ਚੀਮਾ ਨੇ ਅਕਾਲੀ ਦਲ ਖਿਲਾਫ ਸਾਜਿਸ਼ ਰਚਣ ਦੇ ਲਗਾਏ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼
ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਵਾਸਤੇ 12 ਅਪ੍ਰੈਲ ਨੂੰ ਹੋਣ ਵਾਲੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕਰਨ ਲਈ ਕਿਹਾ ਹੈ। ਧਿਆਨ ਰਹੇ ਕਿ ਸ਼ੋ੍ਰਮਣੀ ਅਕਾਲੀ ਦਲ ਦਾ 12 ਅਪ੍ਰੈਲ ਨੂੰ ਅੰਮਿ੍ਰਤਸਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਡੈਲੀਗੇਟ ਇਜਲਾਸ ਹੋਣਾ ਹੈ। ਰੰਧਾਵਾ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਦੇ ਗਲਿਆਰੇ ਵਿਚ ਧਾਰਮਿਕ ਸਥਾਨ ’ਤੇ ਡੈਲੀਗੇਟ ਇਜਲਾਸ ਕਰਨਾ ਨਿਯਮਾਂ ਦੀ ਸਿੱਧੀ ਉਲੰਘਣਾ ਹੈ। ਰੰਧਾਵਾ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ’ਚ ਪਾਰਦਰਸ਼ਤਾ ਨਾ ਹੋਣ ਸਬੰਧੀ ਵੀ ਉਂਗਲ ਚੁੱਕੀ ਹੈ। ਉਧਰ ਦੂਜੇ ਪਾਸੇ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਵੀ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਚੀਮਾ ਨੇ ਕਿਹਾ ਕਿ ਅਸੀਂ ਸ਼ੁਰੂ ਤੋਂ ਹੀ ਕਾਂਗਰਸ ਪਾਰਟੀ ਨੂੰ ਆਪਣਾ ਦੁਸ਼ਮਣ ਨੰਬਰ ਇਕ ਮੰਨ ਕੇ ਚੱਲਦੇ ਆ ਰਹੇ ਹਾਂ। ਚੀਮਾ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਨੂੰ ਢਾਹ ਲਗਾਉਣ ਲਈ ਵੀ ਸਾਜਿਸ਼ ਕੀਤੀ ਜਾ ਰਹੀ ਹੈ।