
ਜਾਖੜ ਨੇ ਵੀ ਸੀਐਮ ਮਾਨ ’ਤੇ ਜਾਸੂਸੀ ਦੇ ਲਗਾਏ ਇਲਜ਼ਾਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਵਾਲ ਚੁੱਕੇ ਹਨ। ਬਾਜਵਾ ਨੇ ਤਰਨਤਾਰਨ ’ਚ ਵਾਪਰੀ ਗੋਲੀਬਾਰੀ ਦੀ ਘਟਨਾ ਨੂੰ ਮੰਦਭਾਗਾ ਦੱਸਿਆ ਹੈ। ਬਾਜਵਾ ਨੇ ਸੂਬਾ ਸਰਕਾਰ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਰਪੰਚ ਵਲੋਂ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਨੂੰ ਗੋਲੀ ਮਾਰ ਦਿੱਤੀ ਗਈ। ਉੁਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਕੰਟਰੋਲ ਵਿਚ ਕੁਝ ਵੀ ਨਹੀਂ ਹੈ ਅਤੇ ਸੂਬੇ ਦਾ ਪੂਰਾ ਸਿਸਟਮ ਹੀ ਫੇਲ੍ਹ ਹੋ ਗਿਆ ਹੈ। ਉਧਰ ਦੂਜੇ ਪਾਸੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਜਾਸੂਸੀ ਲਈ ਸੂਬੇ ਦੀ ਖੁਫੀਆ ਮਸ਼ੀਨਰੀ ਦੀ ਦੁਰਵਰਤੋਂ ਕਰਨ ਦਾ ਆਰੋਪ ਲਗਾਇਆ ਹੈ। ਇਸ ਸਬੰਧੀ ਜਾਖੜ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖ ਕੇ ਮਾਮਲੇ ਦੀ ਕੇਂਦਰੀ ਏਜੰਸੀ ਤੋਂ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।