
ਪੰਜਾਬ ਵਿਚ ਵੀ ਵੱਖ-ਵੱਖ ਥਾਵਾਂ ’ਤੇ ਡਾ. ਅੰਬੇਡਕਰ ਸਬੰਧੀ ਹੋਏ ਸਮਾਗਮ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਜੈਅੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੀ ਪ੍ਰੇਰਨਾ ਕਰਕੇ ਹੀ ਹੈ ਕਿ ਦੇਸ਼ ਅੱਜ ਸਮਾਜਿਕ ਨਿਆਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਯਤਨਸ਼ੀਲ ਹੈ। ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਡਾ. ਅੰਬੇਡਕਰ ਦੇ ਸਿਧਾਂਤ ਅਤੇ ਆਦਰਸ਼ ਇਕ ਸਵੈ-ਨਿਰਭਰ ਅਤੇ ਵਿਕਸਤ ਭਾਰਤ ਦੀ ਸਿਰਜਣਾ ਨੂੰ ਮਜ਼ਬੂਤ ਅਤੇ ਤੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਸਾਰੇ ਦੇਸ਼ ਵਾਸੀਆਂ ਵਲੋਂ, ਮੈਂ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਜੈਅੰਤੀ ’ਤੇ ਨਮਨ ਕਰਦਾ ਹਾਂ। ਇਸ ਦੌਰਾਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅੰਬੇਡਕਰ ਜੈਯੰਤੀ ਦੇ ਮੌਕੇ ’ਤੇ ਹਰਿਆਣਾ ਵਿਚ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਵੀ ਕੀਤੀ ਹੈ। ਇਸੇ ਦੌਰਾਨ ਪੰਜਾਬ ਵਿਚ ਵੀ ਵੱਖ-ਵੱਖ ਥਾਈਂ ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮੌਕੇ ਸਮਾਗਮ ਹੋਏ ਹਨ ਅਤੇ ਇਨ੍ਹਾਂ ਸਮਾਗਮਾਂ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀਆਂ ਤੇ ਵਿਧਾਇਕਾਂ ਨੇ ਸ਼ਮੂਲੀਅਤ ਕੀਤੀ ਹੈ।