
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤੇ ਜਾਣ ਕਿ ਉਹ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਤੁਰੰਤ ਕੋਈ ਫੈਸਲਾ ਕਰੇ। ਸ਼੍ਰੋਮਣੀ ਕਮੇਟੀ ਨੇ ਆਪਣੇ ਮੁਲਾਜ਼ਮਾਂ ਨੂੰ ਚਾਰ ਫੀਸਦੀ ਮਹਿੰਗਾਈ ਭੱਤਾ ਦੇਣ ਦਾ ਐਲਾਨ ਵੀ ਕੀਤਾ ਹੈ। ਇਹ ਫੈਸਲੇ ਅੱਜ ਅੰਤਰਿੰਗ ਕਮੇਟੀ ਦੀ ਅੰਮਿ੍ਰਤਸਰ ’ਚ ਹੋਈ ਮੀਟਿੰਗ ਦੌਰਾਨ ਲਏ ਗਏ ਹਨ। ਇਸ ਸਬੰਧੀ ਖੁਲਾਸਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਟਿੰਗ ਤੋਂ ਬਾਅਦ ਕੀਤਾ। ਧਾਮੀ ਨੇ ਜਥੇਦਾਰ ਦੀ ਨਿਯੁਕਤੀ ਅਤੇ ਸੇਵਾ ਮੁਕਤੀ ਸਬੰਧੀ ਵਿਧੀ ਵਿਧਾਨ ਬਣਾਉਣ ਬਾਰੇ ਗੱਲ ਕਰਦਿਆਂ ਕਿਹਾ ਕਿ ਇਸ ਸਬੰਧ ਵਿੱਚ ਫਿਲਹਾਲ ਸੁਝਾਅ ਆ ਰਹੇ ਹਨ ਅਤੇ ਕਈ ਹੋਰ ਵੱਡੀਆਂ ਸਿੱਖ ਸੰਸਥਾਵਾਂ ਨੂੰ ਇਸ ਬਾਰੇ ਸੁਝਾਅ ਭੇਜਣ ਲਈ ਆਖਿਆ ਗਿਆ ਹੈ।