-0 C
Toronto
Saturday, March 14, 2026
spot_img
Homeਕੈਨੇਡਾਉਨਟਾਰੀਓ ਖਾਲਸਾ ਦਰਬਾਰ ਗੁਰੂਘਰ ਵਿਖੇ ਖਾਲਸਾ ਸਾਜਨਾ ਦਿਵਸ ਸਬੰਧੀ ਕਰਵਾਏ ਗਏ ਸਮਾਗਮ

ਉਨਟਾਰੀਓ ਖਾਲਸਾ ਦਰਬਾਰ ਗੁਰੂਘਰ ਵਿਖੇ ਖਾਲਸਾ ਸਾਜਨਾ ਦਿਵਸ ਸਬੰਧੀ ਕਰਵਾਏ ਗਏ ਸਮਾਗਮ

ਟੋਰਾਂਟੋ/ਹਰਜੀਤ ਸਿੰਘ ਬਾਜਵਾ : ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਇੱਥੇ ਵੱਖ-ਵੱਖ ਗੁਰੂਘਰਾਂ ਵਿੱਚ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਉਨਟਾਰੀਓ ਖਾਲਸਾ ਦਰਬਾਰ ਡਿਕਸੀ ਗੁਰੂਘਰ (ਮਿਸੀਸਾਗਾ) ਵਿਖੇ ਖਾਲਸਾ ਸਾਜਨਾ ਦਿਵਸ ਅਤੇ ਸੰਗਰਾਂਦ ਦਾ ਦਿਹਾੜਾ ਮਨਾਉਂਦਿਆਂ ਸਾਰਾ ਦਿਨ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿੱਚ ਸਿੱਖ ਪੰਥ ਦੇ ਪ੍ਰਸਿੱਧ ਅਤੇ ਵਿਦਵਾਨ ਕਥਾਵਾਚਕ, ਢਾਡੀ ਅਤੇ ਰਾਗੀ ਜਥਿਆਂ ਵੱਲੋਂ ਹਾਜ਼ਰੀ ਭਰੀ ਗਈ। ਇਸ ਮੌਕੇ ਜਿੱਥੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪੁਆਏ ਗਏ ਉੱਥੇ ਹੀ ਗੁਰੂਘਰ ਦੇ ਮੁੱਖ ਗ੍ਰੰਥੀ ਭਾਈ ਭੁਪਿੰਦਰ ਸਿੰਘ ਅਤੇ ਸਾਥੀ ਗ੍ਰੰਥੀ ਸਿੰਘਾਂ ਵੱਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨਾਲ ਜੁੜਨ ਦੀ ਬੇਨਤੀ ਵੀ ਕੀਤੀ ਗਈ। ਇਹਨਾਂ ਸਮਾਗਮਾਂ ਵਿੱਚ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰੂਘਰ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਹਰਪਾਲ ਸਿੰਘ ਨੇ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਆਖਿਆ ਕਿ ਦਸ਼ਮੇਸ਼ ਪਿਤਾ ਦੁਆਰਾ ਸਜਾਇਆ ਖਾਲਸਾ ਪੰਥ ਅੱਜ ਸਾਰੇ ਸੰਸਾਰ ਵਿੱਚ ਫੈਲਿਆ ਹੋਇਆ ਹੈ। ਉਨ੍ਹਾਂ ਨੇ ਗੁਰੂਘਰ ਅੰਦਰ ਸੰਗਤਾਂ ਦੀ ਸਹੂਲਤ ਲਈ ਨਿਰਮਾਣ ਅਧੀਨ ਅਤੇ ਸ਼ੁਰੂ ਕੀਤੇ ਜਾਣ ਵਾਲੇ ਕਾਰਜ਼ਾਂ ਜਿਵੇਂ ਭਾਈ ਘਨੱਈਆ ਪਾਰਕ ਦਾ ਨਿਰਮਾਣ, ਲਾਇਬ੍ਰੇਰੀ ਅਤੇ ਵੈਸਟ ਹਾਲ ਦੀ ਪੁਨਰ ਉਸਾਰੀ ਆਦਿ ਕਾਰਜਾਂ ਦੀ ਜਾਣਕਾਰੀ ਵੀ ਸਾਂਝੀ ਕੀਤੀ। ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ ਅਤੇ ਗੁਰੂਘਰ ਦੇ ਦਫਤਰੀ ਸਟਾਫ ਦੀ ਵੀ ਸ਼ਲਾਘਾ ਕੀਤੀ।
ਇਸ ਮੌਕੇ ਸਟੇਜ ਦੀ ਸੇਵਾ ਨਿਭਾਉਂਦਿਆਂ ਗੁਰੂਘਰ ਦੇ ਮੁੱਖ ਸਕੱਤਰ ਭਾਈ ਪਰਮਜੀਤ ਸਿੰਘ ਗਿੱਲ ਨੇ ਆਈਆਂ ਸੰਗਤਾਂ ਨੂੰ ਪੰਥ ਨੂੰ ਪੇਸ਼ ਆ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਇੱਕ ਮੁੱਠ ਹੋਣ ਦੀ ਗੱਲ ਕਹੀ ਗਈ। ਸਮਾਗਮ ਦੌਰਾਨ ਗਿਆਨੀ ਹਰਦੀਪ ਸਿੰਘ ਸਾਧੜਾ ਦੇ ਢਾਡੀ ਜਥੇ ਵੱਲੋਂ ਗੁਰੂ ਇਤਿਹਾਸ ਸਰਵਣ ਕਰਵਾਇਆ ਗਿਆ ਅਤੇ ਗੁਰੂਘਰ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਹਾਜ਼ਰੀ ਭਰੀ। ਇਸ ਮੌਕੇ ਗੁਰੂਘਰ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਪੰਡੋਰੀ, ਮੀਤ ਪ੍ਰਧਾਨ ਗੁਰਿੰਦਰ ਸਿੰਘ ਭੁੱਲਰ, ਖਜ਼ਾਨਚੀ ਭੁਪਿੰਦਰ ਸਿੰਘ ਬਾਠ, ਸਹਾਇਕ ਖ਼ਜ਼ਾਨਚੀ ਨਵਜੀਤ ਸਿੰਘ, ਸਹਾਇਕ ਸਕੱਤਰ ਸਰਬਜੀਤ ਸਿੰਘ, ਡਾਇਰੈਕਟਰ ਸਰਦਾਰਾ ਸਿੰਘ, ਜਸਵਿੰਦਰ ਸਿੰਘ, ਦਵਿੰਦਰ ਸਿੰਘ ਧਾਲੀਵਾਲ ਅਤੇ ਗੁਰਦੇਵ ਸਿੰਘ ਨਾਹਲ ਵੀ ਹਾਜ਼ਰ ਸਨ।

 

RELATED ARTICLES
POPULAR POSTS