ਪ੍ਰਿੰਸੀਪਲਾਂ ਲਈ ਤਰੱਕੀ ਦਾ ਕੋਟਾ 50 ਫੀਸਦ ਤੋਂ ਵਧਾ ਕੇ 75 ਫੀਸਦ ਕੀਤਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀ ਘਾਟ ਨੂੰ ਪੂਰਾ ਕਰਨ ਲਈ ਅਹਿਮ ਕਦਮ ਚੁੱਕਦਿਆਂ ਸਕੂਲ ਪ੍ਰਿੰਸੀਪਲਾਂ ਲਈ ਤਰੱਕੀ ਦਾ ਕੋਟਾ 50 ਫੀਸਦ ਤੋਂ ਵਧਾ ਕੇ 75 ਫੀਸਦ ਕਰ ਦਿੱਤਾ ਹੈ।
ਇਸ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 500 ਅਧਿਆਪਕਾਂ ਨੂੰ ਪ੍ਰਿੰਸੀਪਲ ਵਜੋਂ ਤਰੱਕੀ ਦੇਣ ਦਾ ਰਾਹ ਪੱਧਰਾ ਹੋ ਗਿਆ ਹੈ।
ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਵਿੱਚ 500 ਅਧਿਆਪਕਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਜਾਵੇਗਾ।
ਇਸ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇਗਾ।
ਬੈਂਸ ਨੇ ਕਿਹਾ ਕਿ ਪਹਿਲਾਂ ਪੰਜਾਬ ਵਿੱਚ ਅਧਿਆਪਕ ਨੂੰ ਪ੍ਰਿੰਸੀਪਲ ਵਜੋਂ ਤਰੱਕੀ ਦੇਣ ਦਾ ਕੋਟਾ 75 ਫੀਸਦ ਤੈਅ ਕੀਤਾ ਹੋਇਆ ਸੀ। ਪਰ ਪਿਛਲੀ ਕਾਂਗਰਸ ਸਰਕਾਰ ਨੇ ਸਾਲ 2018 ਵਿੱਚ ਇਸ ਕੋਟੇ ਨੂੰ 75 ਫੀਸਦ ਤੋਂ ਘਟਾ ਕੇ 50 ਫੀਸਦ ਕਰ ਦਿੱਤਾ ਸੀ, ਜਿਸ ਕਾਰਨ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀ ਘਾਟ ਆ ਗਈ ਸੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀ ਘਾਟ ਨੂੰ ਪੂਰਾ ਕਰਨ ਲਈ ਹੁਣ ਮੁੜ ਤੋਂ ਇਸ ਕੋਟੇ ਨੂੰ ਵਧਾ ਕੇ 75 ਫੀਸਦ ਕਰਨ ਦਾ ਫ਼ੈਸਲਾ ਕੀਤਾ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪ੍ਰਿੰਸੀਪਲਾਂ ਦੇ ਕੋਟੇ ਵਿੱਚ ਕੀਤਾ ਇਹ ਵਾਧਾ ਮਾਹਿਰ ਅਤੇ ਯੋਗ ਅਧਿਆਪਕਾਂ ਨੂੰ ਅਗਵਾਈ ਦੀਆਂ ਵਿਸ਼ੇਸ਼ ਭੂਮਿਕਾਵਾਂ ਨਿਭਾਉਣ ਦੇ ਵਧੇਰੇ ਮੌਕੇ ਦੇਵੇਗਾ, ਜਿਸ ਨਾਲ ਸਕੂਲਾਂ ਵਿੱਚ ਵਧੇਰੇ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਵਿਦਿਅਕ ਵਾਤਾਵਰਨ ਨੂੰ ਉਤਸ਼ਾਹਿਤ ਕੀਤਾ ਜਾ ਸਕੇਗਾ।
Check Also
ਕਿਸਾਨ ਆਗੂ ਡੱਲੇਵਾਲ ਨੇ ਮੁੱਖ ਮੰਤਰੀ ਮਾਨ ਦੀ ਚੁਣੌਤੀ ਕਬੂਲੀ
ਕਿਹਾ : ਮੀਡੀਆ ਦੇ ਸਾਹਮਣੇ ਕਰਵਾਈ ਜਾਵੇ ਡਿਬੇਟ ਬਠਿੰਡਾ/ਬਿਊਰੋ ਨਿਊਜ਼ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ …